
ਚੰਡੀਗੜ੍ਹ, 14 ਅਪ੍ਰੈਲ 2025 : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸ਼ਕਲ ਵਿੱਚ ਫਸ ਗਏ ਹਨ। ਬਾਜਵਾ ਵਿਰੁੱਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਬਾਜਵਾ ‘ਤੇ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਪ੍ਰਤਾਪ ਬਾਜਵਾ ਨੂੰ ਅੱਜ ਦੁਪਹਿਰ 12 ਵਜੇ ਪੁੱਛਗਿੱਛ ਲਈ ਬੁਲਾਇਆ ਸੀ। ਬਾਜਵਾ ਦੇ ਵਕੀਲ ਮੋਹਾਲੀ ਪਹੁੰਚੇ ਅਤੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਹਨਾਂ ਨੇ ਇਹ ਵੀ ਕਿਹਾ ਕਿ ਉਹ ਅੱਜ ਪੇਸ਼ ਨਹੀਂ ਹੋ ਸਕਦੇ। ਅਜਿਹੀ ਸਥਿਤੀ ਵਿੱਚ, ਉਨ੍ਹਾਂ ਨੂੰ ਇੱਕ ਦਿਨ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ, ਅਧਿਕਾਰੀਆਂ ਨੇ ਇਸ ‘ਤੇ ਸਹਿਮਤੀ ਪ੍ਰਗਟਾਈ। ਬੀਤੀ ਰਾਤ ਨੋਟਿਸ ਭੇਜ ਕੇ ਪੁੱਛਗਿੱਛ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਸੀ। ਹਾਲਾਂਕਿ, ਜਦੋਂ ਸੰਮਨ ਭੇਜੇ ਗਏ ਤਾਂ ਉਹ ਘਰ ਨਹੀਂ ਸੀ। ਦਰਅਸਲ ‘ਚ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। ਜਦੋਂ ਐਂਕਰ ਨੇ ਉਨ੍ਹਾਂ ਨੂੰ ਸੂਬੇ ਦੀ ਸੁਰੱਖਿਆ ਨਾਲ ਜੁੜੇ ਮੁੱਦੇ ‘ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ, “ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਇਸਤੇਮਾਲ ਹੋ ਚੁੱਕੇ ਹਨ, ਜਦੋਂ ਕਿ 32 ਬਾਕੀ ਹਨ। ਜਿਸ ਮਗਰੋਂ ਪੰਜਾਬ ਸਰਕਾਰ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੂੰ ਸਵਾਲ ਪੁੱਛਿਆ ਸੀ ਕਿ ਕੀ ਉਨ੍ਹਾਂ ਨੂੰ ਪੰਜਾਬ ਵਿਚ ਇੰਨੇ ਬੰਬ ਆਉਣ ਸਬੰਧੀ ਜਾਣਕਾਰੀ ਕਿੱਥੋਂ ਮਿਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਹ ਸਪਸ਼ਟ ਕਰਨਾ ਪਵੇਗਾ ਕਿ ਇਹ ਜਾਣਕਾਰੀ ਉਨ੍ਹਾਂ ਕੋਲ ਕਿੱਥੋਂ ਆਈ ਹੈ, ਨਹੀਂ ਤਾਂ ਦਹਿਸ਼ਤ ਫੈਲਾਉਣ ਸਬੰਧੀ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਬਾਜਵਾ ਤੇ ਕਾਰਵਾਈ ਕਰਕੇ ਸਰਕਾਰ ਨੇ ਅਸਹਿਣਸ਼ੀਲਤਾ ਅਤੇ ਤਾਨਾਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ : ਰਾਜਾ ਵੜਿੰਗ
ਸ਼ੋਸ਼ਮ ਮੀਡੀਆ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਤਾਪ ਸਿੰਘ ਬਾਜਵਾ ਤੇ ਕੀਤੀ ਗਈ ਕਾਰਵਾਈ ਨੂੰ ਨਿੰਦਣਯੋਗ ਦੱਸਿਆ ਤੇ ਕਿਹਾ ਕਿ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ.ਪ੍ਰਤਾਪ ਸਿੰਘ ਬਾਜਵਾ ‘ਤੇ ਮੀਡੀਆ ਦੁਆਰਾ ਪਹਿਲਾਂ ਹੀ ਰਿਪੋਰਟ ਕੀਤੇ ਗਏ ਬਿਆਨਾਂ ਨੂੰ ਦੁਹਰਾਉਣ ਲਈ FIR ਦਰਜ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਸਹਿਣਸ਼ੀਲਤਾ ਅਤੇ ਤਾਨਾਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਅਸੀਂ ਇਸਦੀ ਲੜਾਈ ਕਾਨੂੰਨ ਦੀ ਅਦਾਲਤ ਵਿੱਚ ਅਤੇ ਲੋਕਾਂ ਦੀ ਅਦਾਲਤ ਦੋਵੇਂ ਜਗਾਹ ਡਟ ਕੇ ਲੜਾਂਗੇ ਅਤੇ ਇਸ ਸਰਕਾਰ ਦੇ ਮਾੜੇ ਮਨਸੂਬਿਆਂ ਨੂੰ ਹਰ ਜਗ੍ਹਾ ਹਰਾਵਾਂਗੇ। ਅੰਤ ਵਿੱਚ ਅਸੀਂ ਇਹ ਸਪਸ਼ਟ ਕਰ ਦੇਣਾ ਚਾਹੁੰਦੇ ਹਾਂ ਕਿ ਇਹ ਸ਼ਕਤੀਆਂ ਕਾਂਗਰਸ ਦੇ ਨੇਤਾਵਾਂ ਅਤੇ ਵਰਕਰਾਂ ਨੂੰ ਡਰਾ ਨਹੀਂ ਸਕਦੀਆਂ।