ਲਾਇਸੈਂਸਾਂ ਦੀ ਸਮੀਖਿਆ ਅਤੇ ਗੈਰ-ਜ਼ਰੂਰੀ ਲਾਇਸੈਂਸਾਂ ਨੂੰ ਰੱਦ ਕਰਨ ਦੇ ਸਰਕਾਰ ਦੇ ਫ਼ੈਸਲੇ ਦਾ ਕੀਤਾ ਸਵਾਗਤ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਹਥਿਆਰਾਂ ਦੇ ਲਾਇਸੈਂਸਾਂ ਦੀ ਸਮੀਖਿਆ ਕਰਨ ਅਤੇ ਗੈਰ-ਜ਼ਰੂਰੀ ਲਾਇਸੈਂਸਾਂ ਨੂੰ ਰੱਦ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਤੋਂ ਹਥਿਆਰ ਵਾਪਸ ਲਏ ਜਾਣਗੇ ਅਤੇ ਪੰਜਾਬ 'ਚੋਂ ਹਾਨੀਕਾਰਕ ਗੰਨ ਕਲਚਰ ਨੂੰ ਖ਼ਤਮ ਕੀਤਾ ਜਾਵੇਗਾ। ਸੋਮਵਾਰ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਤੋਂ 'ਆਪ' ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਪਿਛਲੀ ਬਾਦਲ ਅਤੇ ਕਾਂਗਰਸ ਸਰਕਾਰ ਨੇ ਵੱਡੀ ਗਿਣਤੀ 'ਚ ਗੈਰ-ਜ਼ਰੂਰੀ ਲੋਕਾਂ ਨੂੰ ਅਸਲੇ ਦੇ ਲਾਇਸੈਂਸ ਦਿੱਤੇ, ਜਿਸ ਨਾਲ ਪੰਜਾਬ 'ਚ ਗੰਨ ਕਲਚਰ ਨੂੰ ਬੇਲੋੜਾ ਹੁਲਾਰਾ ਮਿਲਿਆ ਅਤੇ ਸਮਾਜ ਦਾ ਮਾਹੌਲ ਖ਼ਰਾਬ ਹੋਇਆ। ਉਦਾਹਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਅਜਿਹੀਆਂ ਕਈ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਵਿਆਹਾਂ ਵਰਗੇ ਸ਼ੁੱਭ ਪ੍ਰੋਗਰਾਮਾਂ ਵਿੱਚ ਹਥਿਆਰ ਦੇ ਪ੍ਰਦਰਸ਼ਨ ਨਾਲ ਲੋਕਾਂ ਦੀਆਂ ਕਈ ਕੀਮਤੀ ਜਾਨਾਂ ਚਲੀਆਂ ਗਈਆਂ। ਸਮੀਖਿਆ ਕਰਵਾਉਣ ਨਾਲ ਹੀ ਸਹੀ-ਗ਼ਲਤ ਦਾ ਪਤਾ ਲੱਗ ਸਕੇਗਾ ਅਤੇ ਸਿਰਫ਼ ਲੋੜਵੰਦ ਹੀ ਲਾਇਸੈਂਸ ਲੈ ਸਕਣਗੇ। ਇਸ ਦੇ ਨਾਲ ਹੀ ਨੀਲ ਗਰਗ ਨੇ ਕਿਹਾ ਕਿ ਮਾਨ ਸਰਕਾਰ ਦਾ ਇਹ ਫ਼ੈਸਲਾ ਪੰਜਾਬ ਦਾ ਅਕਸ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸੁਧਾਰੇਗਾ। ਇਹ ਨੌਜਵਾਨਾਂ ਨੂੰ ਗੈਂਗਸਟਰਵਾਦ ਦੇ ਰਸਤੇ 'ਤੇ ਜਾਣ ਤੋਂ ਰੋਕੇਗਾ ਅਤੇ ਸਮਾਜ ਵਿਚ ਸ਼ਾਂਤੀ ਅਤੇ ਸਦਭਾਵਨਾ ਦਾ ਮਾਹੌਲ ਸਥਾਪਿਤ ਹੋਵੇਗਾ।