ਕੰਗਣਾ ਰਣੌਤ ਮਾਨਸਿਕ ਤੌਰ ‘ਤੇ ਪਰੇਸ਼ਾਨ ਹੈ ਅਤੇ ਉਸ ਨੂੰ ਇਲਾਜ ਦੀ ਲੋੜ ਹੈ : ਰਾਜਾ ਵੜਿੰਗ

ਚੰਡੀਗੜ੍ਹ, 26 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਪਾਰਲੀਮੈਂਟ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਦਾਕਾਰਾ ਕੰਗਣਾ ਰਣੌਤ ਦੇ ਕਿਸਾਨ ਅੰਦੋਲਨ ਸੰਬੰਧੀ ਬਿਆਨ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੰਗਣਾ ਰਣੌਤ ਵੱਲੋਂ ਅਜਿਹੀਆਂ ਫਾਲਤੂ ਗੱਲਾਂ ਕਰਨਾ ਅਫਸੋਸ ਦੀ ਗੱਲ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕੰਗਣਾ ਰਣੌਤ ਮਾਨਸਿਕ ਤੌਰ ‘ਤੇ ਪਰੇਸ਼ਾਨ ਹਨ ਅਤੇ ਉਨ੍ਹਾਂ ਨੂੰ ਇਲਾਜ ਦੀ ਲੋੜ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਕੰਗਣਾ ਰਣੌਤ ਦਾ ਬਿਆਨ ਭਾਜਪਾ ਦਾ ਬਿਆਨ ਹੈ ਕਿਉਕਿ ਉਹ ਭਾਜਪਾ ਦੀ ਟਿਕਟ ‘ਤੇ ਹੀ ਸੰਸਦ ਮੈਂਬਰ ਬਣੀ ਹੈ। ਉਨ੍ਹਾਂ ਕਿਹਾ ਭਾਜਪਾ ਨੂੰ ਕੰਗਣਾ ਰਣੌਤ ਦੇ ਬਿਆਨਾਂ ‘ਤੇ ਧਿਆਨ ਦੇਣਾ ਚਾਹੀਦਾ ਹੈ, ਉਨ੍ਹਾਂ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਉਨ੍ਹਾਂ ਕਿਹਾ ਕਿ ਕੰਗਣਾ ਰਣੌਤ ਸੁਰਖੀਆਂ ‘ਚ ਰਹਿਣ ਲਈ ਅਜਿਹੇ ਬਿਆਨ ਦਿੰਦੀ ਹੈ। ਅਕਾਲੀ ਆਗੂ ਡਿੰਪੀ ਢਿੱਲੋਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਛੱਡਣ ‘ਤੇ ਰਾਜਾ ਵੜਿੰਗ ਨੇ ਕਿਹਾ ਕਿ ਉਹਨਾਂ 2022 ‘ਚ ਕਿਹਾ ਸੀ ਕਿ ਮਨਪ੍ਰੀਤ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਇਕ ਹਨ। ਉਹਨਾਂ ਕਿਹਾ ਡਿੰਪੀ ਢਿੱਲੋਂ ਦੇ ਜਾਣ ਨਾਲ ਅਕਾਲੀ ਦਲ ਦੀ ਸਥਿਤੀ ਹੋਰ ਖ਼ਰਾਬ ਹੋ ਗਈ ਹੈ।