ਆਪ ਸਰਕਾਰ ਦੀ ਢਿੱਲ ਕਾਰਨ ਐਨਐਚਏਆਈ ਨੇ 3000 ਕਰੋੜ ਰੁਪਏ ਤੋਂ ਵੱਧ ਤੇ ਤਿੰਨ ਪ੍ਰੋਜੈਕਟਾਂ ਨੂੰ ਬੰਦ ਕਰ ਦਿੱਤਾ ਹੈ : ਪ੍ਰਤਾਪ ਸਿੰਘ ਬਾਜਵਾ 

ਚੰਡੀਗੜ੍ਹ, 22 ਜੁਲਾਈ 2024 : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਤੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਤੇ ਦੋਸ਼ ਲਗਾਏ ਕਿ ਆਪ ਸਰਕਾਰ ਦੀ ਢਿੱਲ ਕਾਰਨ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ (ਐਨਐਚਏਆਈ) ਨੇ 3000 ਕਰੋੜ ਰੁਪਏ ਤੋਂ ਵੱਧ ਤੇ ਤਿੰਨ ਪ੍ਰੋਜੈਕਟਾਂ ਨੂੰ ਬੰਦ ਕਰ ਦਿੱਤਾ ਹੈ, ਕਿਉਂਕਿ ਡਿਵੈਲਪਰ ਪ੍ਰੋਜੈਕਟ ਦਿੱਤੇ ਜਾਣ ਦੇ ਕਰੀਬ 2 ਸਾਲ ਬਾਅਦ ਵੀ ਕੰਮ ਸ਼ੁਰੂ ਕਰਨ ਵਿੱਚ ਅਸਮਰੱਥ ਸਨ। ਪ੍ਰਤਾਪ ਸਿੰਘ ਬਾਜਵਾ ਨੇ ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਤਿੰਨ ਦਰਜਨ ਤੋਂ ਵੱਧ ਰਾਸ਼ਟਰੀ ਰਾਜਮਾਰਗ ਪ੍ਰਾਜੈਕਟਾਂ ਨੂੰ ਜ਼ਮੀਨ ਐਕੁਆਇਰ ਕਰਨ ਵਿਚ ਵੱਡੀਆਂ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਵੇਲੇ ਪੰਜਾਬ ਵਿੱਚ ਚੱਲ ਰਹੇ 38 ਹਾਈਵੇ ਪ੍ਰੋਜੈਕਟਾਂ ਵਿੱਚੋਂ 42,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਘੱਟੋ-ਘੱਟ 30 ਪ੍ਰੋਜੈਕਟਾਂ ਦਾ ਕੰਮ ਜਾਂ ਤਾਂ ਰੁਕਿਆ ਹੋਇਆ ਹੈ ਜਾਂ ਹੌਲੀ ਰਫ਼ਤਾਰ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਫ਼ੰਡਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਪਰ ਪੰਜਾਬ ਸਰਕਾਰ ਨੇ ਜ਼ਮੀਨ ਮਾਲਕਾਂ ਨੂੰ ਕੁਝ ਰਾਸ਼ੀ ਨਹੀਂ ਵੰਡੀ। ਬਾਜਵਾ ਨੇ ਕਿਹਾ ਕਿ ਕੇਂਦਰ ਵੱਲੋਂ ਮਨਜ਼ੂਰ ਕੀਤੇ 2,624 ਕਰੋੜ ਰੁਪਏ ਵਿਚੋਂ 749.67 ਕਰੋੜ ਰੁਪਏ ਹਾਲੇ ਮਾਲਕਾਂ ਵਿਚ ਵੰਡੇ ਜਾਣੇ ਬਾਕੀ ਹਨ, ਜਿਨ੍ਹਾਂ ਦੀ ਜ਼ਮੀਨ ਪ੍ਰਾਜੈਕਟਾਂ ਲਈ ਐਕਵਾਇਰ ਕੀਤੀ ਜਾਵੇਗੀ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਪਿਛਲੇ ਸੋਮਵਾਰ ਨੂੰ ਇਸੇ ਮੁੱਦੇ 'ਤੇ ਇੱਕ ਮੀਟਿੰਗ ਕੀਤੀ ਸੀ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਜ਼ਮੀਨ ਮਾਲਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਪ੍ਰੋਜੈਕਟਾਂ ਨੂੰ ਚਾਲੂ ਕਰਨ ਲਈ ਦੋ ਮਹੀਨਿਆਂ ਦੀ ਸਮਾਂ ਸੀਮਾ ਦਿੱਤੀ ਹੈ।