ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਦਾ ਐਲਾਨ

ਚੰਡੀਗੜ੍ਹ, 9 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਸਤੰਬਰ ਤੋਂ 23 ਸਤੰਬਰ ਤੱਕ ਸੂਬੇ ਭਰ ਦੇ ਵਿੱਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਬਲਵਿੰਦਰ ਸਿੰਘ ਭੂੰਦੜ ਦਾ ਕਹਿਣਾ ਹੈ ਕਿ ਇਹਨਾਂ ਪ੍ਰਦਰਸ਼ਨ ਰਾਹੀਂ ਸੂਬਾ ਸਰਕਾਰ ਤੇ ਦਬਾਅ ਪਾਇਆ ਜਾਵੇਗਾ। ਜਲਦੀ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਦੇ ਲਈ ਜਿਮਨੀ ਚੋਣਾਂ ਹੋਣੀਆਂ ਹਨ। ਸ਼੍ਰੋਮਣੀ ਅਕਾਲੀ ਦਲ ਆਪਣਾ ਆਧਾਰ ਬਚਾਉਣ ਅਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਤੇ ਵੈਟ ਵਧਾਉਣ ਬਿਜਲੀ ਦੀ ਸਬਸਿਡੀ ਖਤਮ ਕਰਨ ਅਤੇ ਸੂਬੇ ਵਿੱਚ ਅਪਰਾਧ ਵਰਗੇ ਮੁੱਦਿਆਂ ਨੂੰ ਲੈ ਕੇ ਇਹ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਪਾਰਟੀ ਵੱਲੋਂ ਅੱਜ ਲੁਧਿਆਣਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।10 ਸਤੰਬਰ 23 ਸਤੰਬਰ ਤੱਕ ਸੂਬੇ ਭਰ ਦੇ ਵਿੱਚ ਵੱਖੋ ਵੱਖਰੀਆਂ ਜਗ੍ਹਾ ਤੇ ਰੋਸ ਪ੍ਰਦਰਸ਼ਨਾਂ ਦਾ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਹੈ। ਜਿਸ ਦੇ ਵਿੱਚ ਅੱਜ 10 ਸਤੰਬਰ ਨੂੰ ਲੁਧਿਆਣਾ ਵਿਖੇ ਪ੍ਰਦਰਸ਼ਨ ਕੀਤਾ ਜਾਵੇਗਾ 11 ਸਤੰਬਰ ਨੂੰ ਫਿਰੋਜ਼ਪੁਰ ਵਿਖੇ 12 ਸਤੰਬਰ ਨੂੰ ਫਾਜ਼ਿਲਕਾ 13 ਸਤੰਬਰ ਨੂੰ ਮੋਗਾ ਅਤੇ 16 ਸਤੰਬਰ ਨੂੰ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 17 ਸਤੰਬਰ ਨੂੰ ਬਠਿੰਡਾ 18 ਨੂੰ ਮਾਨਸਾ ਅਤੇ 19 ਸਤੰਬਰ ਨੂੰ ਸੰਗਰੂਰ ਵਿਖੇ ਪ੍ਰਦਰਸ਼ਨ ਕੀਤੇ ਜਾਣਗੇ। ਇਸੇ ਤਰ੍ਹਾਂ 20 ਸਤੰਬਰ ਨੂੰ ਬਰਨਾਲਾ 23 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਾਰਟੀ ਵੱਲੋਂ ਸੂਬਾ ਸਰਕਾਰ ਨੂੰ ਘੇਰਿਆ ਜਾਵੇਗਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਰਜਕਾਰੀ ਪ੍ਰਧਾਨ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਹੈ ਕਿ ਸੂਬੇ ਦੇ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਤੁਹਾਨੂੰ ਦੱਸ ਦਈਏ ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਬਚਾਓ ਯਾਤਰਾ ਵੀ ਕੱਢੀ ਗਈ ਸੀ। ਜਿਸ ਦਾ ਪਾਰਟੀ ਨੂੰ ਕੋਈ ਖਾਸ ਫਾਇਦਾ ਚੋਣਾਂ ਦੇ ਵਿੱਚ ਨਹੀਂ ਹੋਇਆ। 2024 ਦੀਆਂ ਲੋਕ ਸਭਾ ਚੋਣਾਂ ਦੇ ਵਿੱਚ ਪਾਰਟੀ ਨੂੰ ਸਿਰਫ ਬਠਿੰਡਾ ਸੀਟ ‘ਤੇ ਹੀ ਜਿੱਤ ਹਾਸਲ ਹੋਈ ਸੀ।