
ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਜਾਂਚ ਲਈ ਤਤਕਾਲੀ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਲਈ ਮੁੜ ਸੱਦਾ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੂੰ 12 ਦਸੰਬਰ ਨੂੰ ਜਾਂਚ ਲਈ ਤਲਬ ਕੀਤਾ ਹੈ। ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2015 ਦੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਏ ਸੀ। ਐਸਆਈਟੀ ਨੇ ਲਗਭਗ 6 ਘੰਟੇ ਸੁਖਬੀਰ ਬਾਦਲ ਤੋਂ ਸਵਾਲ ਕੀਤੇ। ਇਸ ਜਾਂਚ ਤੋਂ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਉਤੇ ਬਦਲਾਖੋਰੀ ਕਰਨ ਦਾ ਇਲਜ਼ਾਮ ਲਾਇਆ ਸੀ। ਸੁਖਬੀਰ ਬਾਦਲ ਨੇ ਕਿਹਾ ਸੀ ਕਿ ਬੇਅਦਬੀ ਦੀਆਂ ਘਟਨਾਵਾਂ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਸਿਆਸਤ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਸੀ ਕਿ ਭਾਵੇਂ ਜਿੰਨੀ ਮਰਜ਼ੀ ਵਾਰ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਨੂੰ ਜਾਂਚ ਲਈ ਬੁਲਾਏਗੀ ਉਹ ਹਾਜ਼ਰ ਹੋ ਜਾਣਗੇ। ਦੱਸ ਦਈਏ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿੱਚ ਸਿੱਖਾਂ ਦੇ ਪਵਿੱਤਰ ਗ੍ਰੰਥ ਦੇ ਅੰਗ ਖਿਲਾਰੇ ਗਏ ਸੀ ਜਿਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਹੋਏ। ਇਸ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ। ਇਸ ਵਿੱਚ ਦੋ ਵਿਅਕਤੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਮਾਰੇ ਗਏ ਸਨ। ਇਸ ਸਬੰਧੀ ਪੰਜਾਬ ਪੁਲੀਸ ਦੀਆਂ ਦੋ ਐਸਆਈਟੀ, ਦੋ ਕਮਿਸ਼ਨ ਅਤੇ ਸੀਬੀਆਈ ਨੇ ਜਾਂਚ ਕੀਤੀ। ਇਸ ਗੋਲੀਕਾਂਡ ਦੌਰਾਨ ਸੁਖਬੀਰ ਬਾਦਲ ਉੱਪ ਮੁੱਖ ਮੰਤਰੀ ਤੇ ਸੂਬੇ ਦੇ ਗ੍ਰਹਿ ਮੰਤਰੀ ਸਨ।