ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਅਰੋੜਾ ਅਤੇ IAS ਅਫਸਰ ਸਮੇਤ 12 ਕਰਮਚਾਰੀਆਂ 'ਤੇ FIR ਦਰਜ

ਚੰਡੀਗੜ, 5 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਉਦਯੋਗਿਕ ਪਲਾਟਾਂ ਦੀ ਨਿਲਾਮੀ ਵਿੱਚ ਧਾਂਦਲੀ ਦੇ ਮਾਮਲੇ ਵਿੱਚ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਪੰਜਾਬ ਲਘੂ ਉਦਯੋਗ ਨਿਗਮ ਦੇ ਪਲਾਟਾਂ ਦੀ ਅਲਾਟਮੈਂਟ ਵਿੱਚ ਕਥਿਤ ਧਾਂਦਲੀ ਹੋਈ ਸੀ। ਅਰੋੜਾ ਦੇ ਨਾਲ ਉਦਯੋਗ ਵਿਭਾਗ ਦੇ 12 ਕਰਮਚਾਰੀਆਂ ਦੇ ਖਿਲਾਫ ਵੀ ਐਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਨੀਲਿਮਾ ਆਈ.ਏ.ਐਸ ਅਤੇ 10 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇੱਕ ਉਦਯੋਗਿਕ ਪਲਾਟ ਨੂੰ ਇੱਕ ਰੀਅਲਟਰ ਕੰਪਨੀ ਨੂੰ ਤਬਦੀਲ ਕਰਨ/ਵੰਡਣ ਅਤੇ ਇਸਨੂੰ ਸਥਾਪਿਤ ਕਰਨ ਦੀ ਇਜਾਜ਼ਤ ਦੇਣ ਦੇ ਦੋਸ਼ ਵਿੱਚ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਇੱਕ ਰੀਅਲਟਰ ਫਰਮ, ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ਦੇ ਤਿੰਨ ਮਾਲਕਾਂ/ਭਾਗੀਦਾਰਾਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਪੀਐਸਆਈਡੀਸੀ ਦੇ ਸੱਤ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿੱਚ ਅੰਕੁਰ ਚੌਧਰੀ ਅਸਟੇਟ ਅਫ਼ਸਰ, ਦਵਿੰਦਰਪਾਲ ਸਿੰਘ ਜੀਐਮ ਪਰਸੋਨਲ, ਜੇਐਸ ਭਾਟੀਆ ਚੀਫ਼ ਜਨਰਲ ਮੈਨੇਜਰ (ਪਲਾਨਿੰਗ), ਆਸ਼ਿਮਾ ਅਗਰਵਾਲ ਏਟੀਪੀ (ਪਲਾਨਿੰਗ), ਪਰਮਿੰਦਰ ਸਿੰਘ ਕਾਰਜਕਾਰੀ ਇੰਜਨੀਅਰ, ਰਜਤ ਕੁਮਾਰ ਡੀਏ ਅਤੇ ਸੰਦੀਪ ਸਿੰਘ ਸ਼ਾਮਲ ਹਨ। ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਦਯੋਗ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਾਲ 1987 ਵਿੱਚ ਆਨੰਦ ਲੈਂਪਜ਼ ਲਿਮਟਿਡ ਨੂੰ ਵਿਕਰੀ ਡੀਡ ਰਾਹੀਂ 25 ਏਕੜ ਜ਼ਮੀਨ ਅਲਾਟ ਕੀਤੀ ਸੀ ਜੋ ਬਾਅਦ ਵਿੱਚ ਸਿਗਨੀਫਾਈ ਇਨੋਵੇਸ਼ਨ ਨਾਮਕ ਫਰਮ ਨੂੰ ਤਬਦੀਲ ਕਰ ਦਿੱਤੀ ਗਈ ਸੀ। ਇਹ ਪਲਾਟ ਫਿਰ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ (PSIDC) ਤੋਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਸਿਗਨੀਫਾਈ ਇਨੋਵੇਸ਼ਨਜ਼ ਦੁਆਰਾ ਵਿਕਰੀ ਡੀਡ ਰਾਹੀਂ ਗੁਲਮੋਹਰ ਟਾਊਨਸ਼ਿਪ ਨੂੰ ਵੇਚ ਦਿੱਤਾ ਗਿਆ ਸੀ।