- ਜ਼ਿਲ੍ਹਾ ਪੁਲਿਸ ਵੱਲੋਂ ਕਰਵਾਏ ਨਸ਼ਾ ਜਾਗਰੂਕਤਾ ਸੈਮੀਨਾਰ ਵਿਚ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
- ਐਸ.ਐਸ.ਪੀ ਸਰਤਾਜ ਸਿੰਘ ਚਾਹਲ ਅਤੇ ਏ.ਆਈ.ਜੀ ਜਗਜੀਤ ਸਰੋਆ ਨੇ ਨਸ਼ੇ ਦੇ ਖਾਤਮੇ ਲਈ ਪੁਲਿਸ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 15 ਸਤੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਨਸ਼ਿਆਂ ਦੀ ਦਲਦਲ ਵਿਚ ਫਸੇ ਲੋਕਾਂ ਨੂੰ ਬਚਾਉਣ ਲਈ ਵੀ ਯੋਗ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਅਜਿਹੇ ਵਿਅਕਤੀ ਨਸ਼ਿਆਂ ਦਾ ਸੇਵਨ ਨਾ ਕਰਨ। ਉਹ ਅੱਜ ਸਿਟੀ ਸੈਂਟਰ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ 'ਨਵੀ ਰੋਸ਼ਨੀ, ਨਵੀਂ ਉਮੰਗ' ਵਿਸ਼ੇ 'ਤੇ ਕਰਵਾਏ ਗਏ ਨਸ਼ਾ ਜਾਗਰੂਕਤਾ ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ | ਐਸ.ਐਸ.ਪੀ ਸਰਤਾਜ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਕਰਵਾਏ ਇਸ ਸੈਮੀਨਾਰ ਵਿੱਚ ਏ.ਆਈ.ਜੀ (ਐਸ.ਟੀ.ਐਫ) ਜਗਜੀਤ ਸਿੰਘ ਸਰੋਆ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂਕਿ ਆਈ.ਏ.ਐਸ ਅਧਿਕਾਰੀ ਦਿਵਿਆ ਪੀ ਅਤੇ ਐਸ.ਪੀ (ਹੈੱਡਕੁਆਰਟਰ) ਮਨਜੀਤ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਸੈਮੀਨਾਰ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਯੂਨੀਅਨਾਂ ਦੇ ਮੈਂਬਰਾਂ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰਨਾਂ ਖੇਤਰਾਂ ਦੇ 1100 ਤੋਂ ਵੱਧ ਲੋਕਾਂ ਨੇ ਭਾਗ ਲਿਆ।ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਸਿਰਫ਼ ਪ੍ਰਸ਼ਾਸਨ ਅਤੇ ਪੁਲਿਸ ਦਾ ਕੰਮ ਨਹੀਂ ਹੈ, ਸਗੋਂ ਇਹ ਸਾਨੂੰ ਸਾਰਿਆਂ ਨੂੰ ਮਿਲ ਕੇ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦਾ ਨਾ ਸਿਰਫ਼ ਇਕ ਵਿਅਕਤੀ ਅਤੇ ਉਸ ਦੇ ਪਰਿਵਾਰ ’ਤੇ ਬੁਰਾ ਪ੍ਰਭਾਵ ਪੈਂਦਾ ਹੈ ਸਗੋਂ ਸਮੁੱਚੇ ਸਮਾਜ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਆਓ ਸਾਰੇ ਮਿਲ ਕੇ ਇਸ ਨੂੰ ਖ਼ਤਮ ਕਰਨ ਦਾ ਸੰਕਲਪ ਕਰੀਏ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਸ਼ਹਿਰਾਂ ਅਤੇ ਪਿੰਡਾਂ ਵਿਚ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬੜੀ ਸੰਜੀਦਗੀ ਨਾਲ ਚਲਾ ਕੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਵੀ ਕੀਤਾ ਜਾ ਰਿਹਾ ਹੈ, ਜੋ ਕਿ ਸ਼ਲਾਘਾਯੋਗ ਕੰਮ ਹੈ |ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਇਸ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਸਾਨੂੰ ਖੁੱਲ੍ਹੇਆਮ ਰੋਲ ਮਾਡਲ ਵਜੋਂ ਅੱਗੇ ਆਉਣਾ ਪਵੇਗਾ ਅਤੇ ਜੇਕਰ ਕੋਈ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਦੇ ਇਲਾਜ ਲਈ ਸਾਨੂੰ ਪਹਿਲਕਦਮੀ ਕਰਨੀ ਪਵੇਗੀ। ਉਨ੍ਹਾਂ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਹੈਲਪਲਾਈਨ ਨੰਬਰ 95016-60318 ਨੂੰ ਸਾਰਿਆਂ ਨਾਲ ਸਾਂਝਾ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਨਸ਼ਾ ਵੇਚਣ ਵਾਲਿਆਂ ਸਬੰਧੀ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਉਹ ਇਸ ਨੰਬਰ 'ਤੇ ਬਿਨਾਂ ਝਿਜਕ ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਦੌਰਾਨ ਏ.ਆਈ.ਜੀ.(ਐਸ.ਟੀ.ਐਫ) ਜਗਜੀਤ ਸਿੰਘ ਸਰੋਆ ਨੇ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੜ੍ਹਾਈ ਅਤੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਦੌਰਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਡਾ. ਮਨਮੋਹਨ ਦਰਦੀ, ਸਾਬਕਾ ਸਿਵਲ ਸਰਜਨ ਅਤੇ ਸਮਾਜ ਸੇਵੀ ਡਾ. ਅਜੇ ਬੱਗਾ, ਨਸ਼ਾ ਛੁਡਾਊ ਕੇਂਦਰ ਦੇ ਸਲਾਹਕਾਰ ਸੰਦੀਪ ਕੁਮਾਰੀ, ਪ੍ਰਸਿੱਧ ਖਿਡਾਰੀ ਅਤੇ ਨੌਜਵਾਨ ਮਨੀਸ਼ ਕੁਮਾਰ ਵੀ ਸ਼ਾਮਲ ਹੋਏ। ਇਸ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਅਸ਼ੋਕ ਪੁਰੀ ਦੀ ਅਗਵਾਈ ਹੇਠ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਸੈਮੀਨਾਰ ਵਿਚ ਸ਼ਾਮਲ ਲੋਕਾਂ ਨੇ ਸਬ-ਡਵੀਜ਼ਨ ਸਿਟੀ ਹੁਸ਼ਿਆਰਪੁਰ ਦੇ ਡੀ.ਐਸ.ਪੀ ਪਲਵਿੰਦਰ ਸਿੰਘ, ਥਾਣਾ ਮਾਡਲ ਟਾਊਨ ਦੇ ਇੰਚਾਰਜ ਇੰਸਪੈਕਟਰ ਕਰਨੈਲ ਸਿੰਘ, ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਸਤੀਸ਼ ਕੁਮਾਰ ਅਤੇ ਥਾਣਾ ਸਿਟੀ ਦੇ ਇੰਚਾਰਜ ਐਸ.ਆਈ ਸੰਜੀਵਨ ਕੁਮਾਰ ਵੱਲੋਂ ਕਰਵਾਏ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਨਸ਼ਿਆਂ ਨੂੰ ਰੋਕਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।