ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 20 ਫਰਵਰੀ 2025 : ਵਧੀਕ ਮੁੱਖ ਚੋਣ ਅਫਸਰ ਪੰਜਾਬ ਹਰੀਸ਼ ਨਈਅਰ ਵੱਲੋਂ ਅੱਜ ਨਵਾਂਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ  ਜ਼ਿਲ੍ਹੇ ਵਿਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕਰਕੇ ਆਪਣੇ- ਆਪਣੇ ਚੋਣ ਹਲਕੇ ਵਿਚ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਕਿਹਾ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਆਮ ਜਨਤਾ ਦੀ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਰੱਖੀਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜ਼ਿਲ੍ਹਾ ਪੱਧਰ 'ਤੇ ਵੋਟਿੰਗ ਮਸ਼ੀਨਾਂ ਰੱਖਣ ਲਈ ਬਣਾਏ ਗਏ ਵੇਅਰ ਹਾਊਸ ਦਾ ਨਿਰੀਖਣ ਵੀ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਚੋਣ ਤਹਿਸੀਲਦਾਰ ਪਲਵਿੰਦਰ ਸਿੰਘ, ਚੋਣ ਕਾਨੂਗੋ ਦਲਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ।