- ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼
- 10 ਮੈਡੀਕਲ ਟੀਮਾਂ ਤੇ ਸਹਾਇਕ ਸਟਾਫ ਤਾਇਨਾਤ- 8 ਰਾਹਤ ਕੇਂਦਰਾਂ ਵਿੱਚ ਦਿੱਤੀ ਜਾ ਰਹੀ ਹੈ ਮੈਡੀਕਲ ਸਹੂਲਤ
- ਲੋਕਾਂ ਦੀ ਸਿਹਤ ਸੰਭਾਲ ਲਈ ਐਡਵਾਈਜਰੀ ਜਾਰੀ
ਸੁਲਤਾਨਪੁਰ ਲੋਧੀ , 17 ਜੁਲਾਈ : ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦੇ ਪੱਧਰ ਘਟਣ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਇੰਤਜ਼ਾਮ ਅਮਲ ਵਿੱਚ ਲਿਆਂਦੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨੂੰ ਫੈਲਣੋਂ ਰੋਕਿਆ ਜਾ ਸਕੇ । ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਹਰ ਸੰਭਵ ਸਿਹਤ ਸੇਵਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਿਉਂ-ਜਿਉਂ ਪਾਣੀ ਦਾ ਪੱਧਰ ਘੱਟ ਰਿਹਾ ਹੈ ਤਿਉਂ-ਤਿਉਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਣ। ਉਨਾਂ ਦੱਸਿਆ ਕਿ 8 ਰਾਹਤ ਕੇਂਦਰਾਂ ਵਿੱਚ ਮੈਡੀਕਲ ਟੀਮਾਂ ਵਲੋਂ ਲਗਾਤਾਰ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਆਦਿ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 10 ਮੈਡੀਕਲ ਅਤੇ 5 ਰੈਪਿਡ ਰਿਸਪਾਂਸ ਟੀਮਾਂ ਸਮੇਤ 50 ਦੇ ਕਰੀਬ ਸਿਹਤ ਕਰਮਚਾਰੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਇਨ੍ਹਾਂ ਟੀਮਾਂ ਦੇ ਨਾਲ ਦੋ ਐਸਐਮਓਜ਼ ਡਾ ਮੋਹਨਪ੍ਰੀਤ ਸਿੰਘ ਅਤੇ ਡਾ ਰਵਿੰਦਰਪਾਲ ਸ਼ੁਭ ਦੀ ਵਿਸ਼ੇਸ਼ ਤੌਰ ਤੇ ਡਿਊਟੀ ਲਗਾਈ ਗਈ ਹੈ। ਸਿਵਲ ਸਰਜਨ ਡਾ.ਰਾਜਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਫੈਲਣ ਦਾ ਕੋਈ ਖਦਸ਼ਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਾਣੀ ਨਾਲ ਫੈਲਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਪਾਣੀ ਕਿਸੇ ਸਾਫ ਤੇ ਸੁਰੱਖਿਅਤ ਸਰੋਤ ਤੋਂ ਹੀ ਪੀਵੋ। ਸਟੋਰ ਕੀਤੇ ਪਾਣੀ ਦੀ ਵਰਤੋਂ ਕਰਨ ਤੋਂ ਪਹਿਲਾਂ ਆਪਣੇ ਹੱਥ ਜ਼ਰੂਰ ਧੋਵੋ। ਭੋਜਨ ਨੂੰ ਚੰਗੀ ਤਰ੍ਹਾਂ ਪਕਾਓ ਅਤੇ ਇਸਨੂੰ ਸਹੀ ਤਾਪਮਾਨ ਤੇ ਸਟੋਰ ਕਰੋ। ਭੋਜਨ ਦੀ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਨਿਪਟਾਰਾ ਕਰੋ। ਉਨ੍ਹਾਂ ਕਿਹਾ ਕਿ ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਜਰੂਰ ਹੋਵੇ,ਪਖਾਨਾ ਜਾਣ ਤੋਂ ਬਾਅਦ ਹੱਥ ਚੰਗੀ ਤਰ੍ਹਾਂ ਸਾਬਣ ਨਾਲ ਹੱਥ ਧੋਵੋ। ਬੱਚਿਆਂ ਨੂੰ ਹੜ੍ਹ ਦੇ ਪਾਣੀ ਵਿੱਚ ਤੁਰਨ ਤੋਂ ਰੋਕੋ। ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਮੱਛਰਦਾਨੀ ਦੀ ਵਰਤੋਂ ਕਰੋ। ਇਨਫੈਕਸ਼ਨ ਦੇ ਲੱਛਣ ਸਾਹਮਣੇ ਆਉਣ 'ਤੇ ਡਾਕਟਰ ਨਾਲ ਮਸ਼ਵਰਾ ਕਰੋ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਭਵਤੀ ਔਰਤਾਂ ਦੇ ਚੈਕਅਪ ਅਤੇ ਸਿਹਤ ਸੰਭਾਲ ਲਈ ਵਿਸ਼ੇਸ਼ ਟੀਮਾਂ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ ਅਤੇ ਲੋੜਪੈਣ ’ਤੇ 9779124017 ’ਤੇ ਫੋਨ ਕਰਕੇ ਸੰਪਰਕ ਕਰ ਸਕਦੇ ਹਨ।