- ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਡੀਜੀਪੀ ਪੰਜਾਬ ਵੱਲੋਂ ਸੈਮੀਨਾਰ ਹਾਲ ਅਤੇ ਦੋ ਹਾਈ-ਟੈਕ ਨਾਕਿਆਂ ਦਾ ਉਦਘਾਟਨ, ਹੁਸ਼ਿਆਰਪੁਰ ਵਿੱਚ ਆਫੀਸਰਜ਼ ਮੈੱਸ ਦਾ ਰੱਖਿਆ ਨੀਂਹ ਪੱਥਰ
- ਸੀਪੀਜ਼/ਐਸਐਸਪੀਜ਼ ਨੂੰ ਨਾਕਿਆਂ ਨੂੰ ਮਜ਼ਬੂਤ ਕਰਨ, ਸਮਾਜ-ਵਿਰੋਧੀ ਤੱਤਾਂ ਵਿਰੁੱਧ ਚੌਕਸੀ ਵਧਾਉਣ ਦੇ ਨਿਰਦੇਸ਼
ਹੁਸ਼ਿਆਰਪੁਰ, 4 ਅਗਸਤ ; ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਪੁਲਿਸ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੱਖ ਵੱਖ ਪੁਲਿਸ ਪਹਿਲਕਦਮੀਆਂ ਸਮਰਪਿਤ ਕੀਤੀਆਂ, ਜਿਸ ਵਿੱਚ ਪੁਲਿਸ ਲਾਈਨਜ਼ ਵਿਖੇ ਇੱਕ ਸੈਮੀਨਾਰ ਹਾਲ ਦਾ ਉਦਘਾਟਨ ਅਤੇ ਆਫ਼ੀਸਰਜ਼ ਮੈੱਸ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ । ਇਸ ਤੋਂ ਇਲਾਵਾ, ਉਨ੍ਹਾਂ ਨੇ ਦੋ ਹਾਈ-ਟੈਕ ਨਾਕਿਆਂ- ਹੁਸ਼ਿਆਰਪੁਰ ਦੇ ਟਾਂਡਾ ਵਿੱਚ ਰਾੜਾ ਪੁਲ ਅਤੇ ਹੁਸ਼ਿਆਰਪੁਰ ’ਚ ਹੀ ਥਾਣਾ ਹਾਜੀਪੁਰ ਵਿਖੇ ਅੰਤਰਰਾਜੀ ਨਾਕਾ ਬੁੱਢਾਵੜ ਦਾ ਆਨਲਾਈਨ ਉਦਘਾਟਨ ਵੀ ਕੀਤਾ। ਦੱਸਣਾ ਬਣਦਾ ਹੈ ਕਿ ਡੀਜੀਪੀ 15 ਅਗਸਤ ਨੂੰ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਤੋਂ ਪਹਿਲਾਂ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਲਈ ਪਹੁੰਚੇ ਸਨ। ਇਹ ਮੀਟਿੰਗ ਜਲੰਧਰ ਕਮਿਸ਼ਨਰੇਟ, ਹੁਸ਼ਿਆਰਪੁਰ, ਕਪੂਰਥਲਾ ਅਤੇ ਜਲੰਧਰ ਦਿਹਾਤੀ ਦੇ ਪੁਲਿਸ ਜ਼ਿਲਿ੍ਹਆਂ ਦੇ ਅਧਿਕਾਰੀਆਂ ਨਾਲ ਕੀਤੀ ਗਈ। ਮੀਟਿੰਗ ਵਿੱਚ ਡੀ.ਆਈ.ਜੀ. ਜਲੰਧਰ ਰੇਂਜ ਸਵਪਨ ਸ਼ਰਮਾ, ਐਸ.ਐਸ.ਪੀ. ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ, ਐਸ.ਐਸ.ਪੀ. ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਅਤੇ ਐਸ.ਐਸ.ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਹਾਜ਼ਰ ਸਨ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਨੇ ਆਜ਼ਾਦੀ ਦਿਵਸ ਦੇ ਮੱਦਨਜ਼ਰ ਪ੍ਰਾਪਤ ਸੁਰੱਖਿਆ ਅਲਰਟ ਸਾਂਝੇ ਕੀਤੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਦੇਣ ਅਤੇ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਵੇ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ ਅਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ। ਉਨ੍ਹਾਂ ਕਾਨੂੰਨ ਵਿਵਸਥਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਚੌਕੀਆਂ ਵਧਾਉਣ ਅਤੇ ਹਰ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਪੁਲਿਸ ਆਪਣੀ ਪੇਸ਼ੇਵਰ ਉੱਤਮਤਾ ਨੂੰ ਬਰਕਰਾਰ ਰੱਖਣ ਅਤੇ ਸੂਬੇ ਵਿੱਚ ਅਪਰਾਧ ਨੂੰ ਰੋਕਣ ਦੀ ਕਵਾਇਦ ਨੂੰ ਜਾਰੀ ਰੱਖੇਗੀ। ਜ਼ਿਕਰਯੋਗ ਹੈ ਕਿ ਡੀ.ਜੀ.ਪੀ ਨੇ ਬੜਾ-ਖਾਨਾ ਦੌਰਾਨ ਸਾਰੇ ਰੈਂਕਾਂ ਦੇ ਬਹਾਦਰ ਪੁਲਿਸ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਇਨਾਮ ਵੀ ਤਕਸੀਮ ਕੀਤੇ।