- ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਹੁਸ਼ਿਆਰਪੁਰ, 17 ਮਾਰਚ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਲਈ ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੁਲਾਈ ਮੀਟਿੰਗ ਦੌਰਾਨ ਕੀਤਾ। ਚੋਣ ਜ਼ਾਬਤੇ ਦੀਆਂ ਹਦਾਇਤਾਂ ਪ੍ਰਤੀ ਸਬੰਧਤ ਧਿਰਾਂ ਨੂੰ ਜਾਣੂ ਕਰਾਉਣ ਲਈ ਬੁਲਾਈ ਇਸ ਮੀਟਿੰਗ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ ਹੁਸ਼ਿਆਰਪੁਰ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਸਹਾਇਕ ਕਮਿਸ਼ਨਰ ਦਿਵਿਆ ਪੀ, ਐਸ.ਪੀ ਮਨੋਜ ਠਾਕੁਰ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ ਦੀਪਕ ਕੁਮਾਰ, ਹਰਪ੍ਰੀਤ ਕੌਰ, ਮੇਘਾ ਮਹਿਤਾ ਤੇ ਲਖਵੀਰ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਅਪੀਲ ਕੀਤੀ ਕਿ ਆਪਣੇ ਪ੍ਰਚਾਰ ਦੌਰਾਨ ਹਰ ਹੀਲੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਸਮਾਜ, ਜਾਤੀ ਅਤੇ ਧਾਰਮਿਕ ਭਾਵਨਾ ਨੂੰ ਠੇਸ ਨਾ ਪਹੁੰਚੇ। ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਪਿੰਡਾਂ ਵਿਚ ਸਮਾਜਿਕ ਇਕੱਠਾਂ ਦੇ ਨਾਮ ਉੱਤੇ ਚੋਣ ਪ੍ਰਚਾਰ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਨਾਲ ਸਬੰਧਤ ਕੋਈ ਵੀ ਗਤੀਵਿਧੀ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਤੋਂ ਪ੍ਰਵਾਨਗੀ ਲੈਣੀ ਲਾਜ਼ਮੀ ਹੈ ਅਤੇ ਬਿਨਾਂ ਪ੍ਰਵਾਨਗੀ ਤੋਂ ਕੋਈ ਵੀ ਕੰਮ ਨਾ ਕੀਤਾ ਜਾਵੇ। ਇਸ ਮੌਕੇ ਆਲ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਆਮ ਆਦਮੀ ਪਾਰਟੀ ਤੋਂ ਜਸਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਜਗਤਾਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਭੂਸ਼ਣ ਕੁਮਾਰ ਸ਼ਰਮਾ ਮੌਜੂਦ ਸਨ।