- ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਬਾਰੇ ਵਿਦਿਆਰਥੀਆਂ ਦੇ ਭਾਸ਼ਣ, ਲੇਖ ਲਿਖਣ ਅਤੇ ਪੇਟਿੰਗ ਮੁਕਾਬਲੇ ਕਰਵਾਏ
ਹੁਸ਼ਿਆਰਪੁਰ, 20 ਅਕਤੂਬਰ : ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂੰ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਜਾਰਾ ਡੀਂਗਰੀਆਂ, ਬਲਾਕ ਗੜ੍ਹਸ਼ੰਕਰ, ਜਿਲ੍ਹਾ ਹੁਸ਼ਿਆਰਪੁਰ ਵਿਖੇ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਮੁੱਖ ਅਧਿਆਪਿਕ ਜਰਨੈਲ ਸਿੰਘ ਨੇ ਆਏ ਮਾਹਿਰਾਂ ਦਾ ਸਵਾਗਤ ਕੀਤਾ ਅਤੇ ਪਰਾਲੀ ਸੰਭਾਲਣ ਲਈ ਜਾਗਰੂਕਤਾ ਮੁਹਿੰਮ ਚਲਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਸ ਮੁਹਿੰਮ ਪ੍ਰਤੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋ ਪਰਾਲੀ ਨੂੰ ਅੱਗ ਲਗਾਉਣ ਤੋਂ ਬਾਅਦ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ, ਲੇਖ ਲਿਖਣ ਅਤੇ ਪੇਟਿੰਗ ਦੇ ਮੁਕਾਬਲੇ ਕਰਵਾਏ ਗਏ। ਸਕੂਲ ਦੇ ਵਿਦਿਆਰਥੀਆਂ ਵੱਲੋਂ ਪਰਾਲੀ ਪ੍ਰਬੰਧਨ ਅਤੇ ਅੱਗ ਲਗਾਉਣ ਨਾਲ ਵਾਤਾਵਰਣ, ਜ਼ਮੀਨ ਦੀ ਸਿਹਤ ਅਤੇ ਮਨੁੱਖਤਾ ਤੇ ਬੁਰੇ ਪ੍ਰਭਾਵ ਸਬੰਧੀ ਜਾਗਰੁਕਤਾ ਰੈਲੀ ਵੀ ਕੱਢੀ ਗਈ। ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਡਾ. ਮਨਿੰਦਰ ਸਿੰਘ ਬੌੰਸ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿਚ ਮੋਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵਿਸਥਾਰ ਪੂਰਵਕ ਦੱਸਿਆ। ਉਨ੍ਹਾਂ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਤਕਨੀਕਾਂ ਅਤੇ ਮਸ਼ੀਨਾਂ ਬਾਬਤ ਵੀ ਜਾਣਕਾਰੀ ਦਿੱਤੀ। ਡਾ. ਬੌਂਸ ਨੇ ਸਕੂਲ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਅਹਿਮ ਜਿੰਮੇਵਾਰੀ ਨਿਭਾਉਣ ਲਈ ਵੀ ਪ੍ਰੇਰਿਆ। ਇਹ ਮੁਕਾਬਲੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਟਾਫ ਡਾ.ਪਰਮਿੰਦਰ ਸਿੰਘ, ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ), ਡਾ. ਪ੍ਰਭਜੋਤ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ), ਸੁਨੀਤਾ, ਪ੍ਰੋਗਰਾਮ ਸਹਾਇਕ (ਲੈਬ ਟੈਕਨੀਸ਼ਿਅਨ) ਅਤੇ ਸਕੂਲ ਦੇ ਅਧਿਆਪਕਾਂ ਲੈਕਚਰਾਰ ਪਰੋਸ਼ਤਮ ਲਾਲ ਅਤੇ ਮਾਸਟਰ ਭਾਗ ਸਿੰਘ ਦੀ ਦੇਖ-ਰੇਖ ਅਧੀਨ ਹੋਏ।