- ਕੈਬਨਿਟ ਮੰਤਰੀ ਨੇ ਪਿੰਡ ਬੱਸੀ ਕਿੱਕਰਾਂ ’ਚ 25 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦਾ ਕੀਤਾ ਉਦਾਘਟਨ
ਹੁਸ਼ਿਆਰਪੁਰ, 3 ਜੁਲਾਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿਚ ਬੁਨਿਆਦੀ ਸੁਵਿਧਾਵਾਂ ਬਿਨਾ ਕਿਸੇ ਰੁਕਾਵਟ ਨਾਲ ਉਪਲਬੱਧ ਕਰਵਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਹ ਪਿੰਡ ਬੱਸੀ ਕਿੱਕਰਾਂ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦੇ ਉਦਘਾਟਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਿਚ ਸੜਕ ਬਣਾਉਣ ਦੀ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਥੇ ਪਿੰਡ ਵਾਸੀਆਂ ਦੀਆਂ ਸਮੱਸਿਆ ਦਾ ਹੱਲ ਹੋਇਆ ਹੈ, ਉਥੇ ਇਲਾਕੇ ਦੀ ਨੁਹਾਰ ਵੀ ਬਦਲੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚ ਪਿਛਲੇ ਕੁਝ ਸਮੇਂ ਵਿਚ ਕਰੀਬ 8 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਵਲ ਇਕ ਸਾਲ ਵਿਚ ਜੋ ਵਿਕਾਸ ਦੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ, ਉਹ ਹੁਣ ਤੱਕ ਕੋਈ ਸਰਕਾਰ ਨਹੀਂ ਕਰ ਸਕੀ ਹੈ। ਉਨ੍ਹਾਂ ਕਿਹਾ ਕਿ 30 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ, ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਗਈ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸਿੱਧੇ ਜਨਤਾ ਤੱਕ ਕਈ ਯੋਜਨਾਵਾਂ ਦਾ ਲਾਭ ਪਹੁੰਚਾਇਆ ਗਿਆ ਹੈ। ਇਸ ਮੌਕੇ ਪਿੰਡ ਦੀ ਸਰਪੰਚ ਕਮਲਾ ਦੇਵੀ, ਪੰਚ ਮਨਜੀਤ ਕੌਰ, ਐਡਵੋਕੇਟ ਅਮਰਜੋਤ ਸੈਣੀ ਅਤੇ ਪਿੰਡ ਦੀ ਪੰਚਾਇਤ ਦੇ ਮੈਂਬਰ ਵੀ ਮੌਜੂਦ ਸਨ।