ਹੁਸ਼ਿਆਰਪੁਰ, 23 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਿਵਲ ਹਸਪਤਾਲ ਵਿਖੇ ਬਾਲੜੀ ਸੁਰੱਖਿਆ ਯੋਜਨਾ ਤਹਿਤ 9 ਬੱਚੀਆਂ ਨੂੰ 502500 ਰੁਪਏ ਦੇ ਚੈੱਕ ਸੌਂਪੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਉਨ੍ਹਾਂ ਮਾਪਿਆਂ ਨੂੰ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਦੀਆਂ ਦੋ ਲੜਕੀਆਂ ਹਨ ਅਤੇ ਉਨ੍ਹਾਂ ਨੇ ਪਰਿਵਾਰ ਨਿਯੋਜਨ ਦਾ ਸਥਾਈ ਮੈਥਡ ਅਪਣਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 18 ਸਾਲ ਦੀ ਉਮਰ ਤੱਕ ਬੱਚੀਆਂ ਦੇ ਖਾਤਿਆਂ ਵਿਚ ਹਰੇਕ ਮਹੀਨੇ 500 ਰੁਪਏ ਜਮ੍ਹਾਂ ਕੀਤੇ ਜਾਂਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਪਰਿਵਾਰ ਨਿਯੋਜਨ ਦੀ ਸਫਲਤਾ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਸਕੀਮਾਂ ਦਾ ਲੋਕਾਂ ਨੂੰ ਖ਼ੁਦ ਅੱਗੇ ਆ ਕੇ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਛੋਟਾ ਪਰਿਵਾਰ ਹੀ ਸੁਖੀ ਪਰਿਵਾਰ ਹੁੰਦਾ ਹੈ, ਕਿਉਂਕਿ ਇਸ ਨਾਲ ਜਿਥੇ ਬੱਚਿਆਂ ਦਾ ਪਾਲਣ-ਪੋਸ਼ਣ ਵਧੀਆ ਢੰਗ ਨਾਲ ਹੋ ਸਕਦਾ ਹੈ, ਉਥੇ ਇਹ ਬੱਚਿਆਂ ਦੀ ਵਧੀਆ ਤਾਲੀਮ ਦਾ ਵੀ ਸਬੱਬ ਬਣਦਾ ਹੈ। ਉਨ੍ਹਾਂ ਕਿਹਾ ਕਿ ਵਧਦੀ ਆਬਾਦੀ ਇਸ ਵੇਲੇ ਦੇਸ਼ ਲਈ ਵੱਡਾ ਮੁੱਦਾ ਹੈ ਅਤੇ ਇਸ ਬਾਰੇ ਸਾਰਿਆਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ, ਐਸ. ਐਮ. ਓ ਡਾ. ਸਵਾਮੀ ਸ਼ੀਮਾਰ ਅਤੇ ਹੋਰ ਹਾਜ਼ਰ ਸਨ।