ਮੁਕੇਰੀਆਂ, 30 ਜੂਨ : ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ, ਅਮਰੀਕਾ ਵਿੱਚ ਵੱਖ-ਵੱਖ ਹਾਦਸਿਆਂ ਵਿੱਚ ਮਾਰੇ ਗਏ ਮੁਕੇਰੀਆਂ ਦੇ ਦੋ ਨੌਜਵਾਨਾਂ ਦੇ ਘਰ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਪ੍ਰੋ. ਜੀ.ਐਸ ਮੁਲਤਾਨੀ, ਐਸ.ਡੀ.ਐਮ ਮੁਕੇਰੀਆਂ ਕਨੂੰ ਥਿੰਦ, ਐਸ.ਪੀ (ਹੈਡਕੁਆਰਟਰ) ਮਨਜੀਤ ਕੌਰ ਨੇ ਵੀ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਕੈਬਨਿਟ ਮੰਤਰੀ ਸਭ ਤੋਂ ਪਹਿਲਾਂ ਮੁਕੇਰੀਆਂ ਸਬ-ਡਵੀਜ਼ਨ ਦੇ ਪਿੰਡ ਮੁਰਾਦਪੁਰ ਅਵਾਣਾ ਪਹੁੰਚੇ, ਜਿੱਥੋਂ ਦਾ 24 ਸਾਲਾ ਮਨਦੀਪ ਸਿੰਘ 20 ਜੂਨ ਨੂੰ ਅਮਰੀਕਾ ਦੇ ਨਵੇਦਾ ਸ਼ਹਿਰ 'ਚ ਸੜਕ ਹਾਦਸੇ 'ਚ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਸੀ ਅਤੇ ਬੀਤੇ ਦਿਨੀਂ ਅਮਰੀਕਾ ਵਿਚ ਹੀ ਹਸਪਤਾਲ 'ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਹ ਮੁਕੇਰੀਆਂ ਦੇ ਪਿੰਡ ਅੱਲੋ ਭੱਟੀ ਪਹੁੰਚੇ, ਜਿੱਥੋਂ ਦੇ 27 ਸਾਲਾ ਪਰਵੀਨ ਕੁਮਾਰ ਦਾ ਅਮਰੀਕਾ ਦੇ ਕੈਲੀਫੋਰਨੀਆ ਦੀ ਵਿਕਟਰ ਵੈਲੀ 'ਚ ਅੱਜ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੈਬਨਿਟ ਮੰਤਰੀ ਨੇ ਦੁਖੀ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।