- ਅਧਿਕਾਰੀਆਂ ਨੂੰ ਦਿੱਤੇ ਜਲਦ ਕਾਰਵਾਈ ਕਰਨ ਦੇ ਨਿਰਦੇਸ਼
ਹੁਸ਼ਿਆਰਪੁਰ, 11 ਅਗਸਤ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਇਕ ਜਨਤਾ ਦਰਬਾਰ ਦਾ ਆਯੋਜਨ ਕੀਤਾ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ। ਕੈਬਨਿਟ ਮੰਤਰੀ ਜਿੰਪਾ ਨੇ ਇਸ ਦੌਰਾਨ ਜਨਤਾ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਆਪਣੇ ਦਫ਼ਤਰਾਂ ਵਿਚ ਜਨਤਾ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਰੀਬ 400 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ। ਪ੍ਰਾਪਤ ਸ਼ਿਕਾਇਤਾਂ ਵਿਚ ਜ਼ਿਆਦਾਤਰ ਸ਼ਿਕਾਇਤਾਂ ਸਥਾਨਕ ਵਿਕਾਸ ਕਾਰਜਾਂ, ਪਾਣੀ ਅਤੇ ਬਿਜਲੀ ਸਪਲਾਈ, ਸੜਕ ਸੁਧਾਰ, ਸਵੱਛਤਾ, ਸਿਹਤ ਸੇਵਾਵਾਂ, ਮਾਲ ਅਤੇ ਹੋਰ ਨਾਗਰਿਕ ਮੁੱਦਿਆਂ ਨਾਲ ਸਬੰਧਤ ਸਨ। ਜਨਤਾ ਦਰਬਾਰ ਵਿਚ ਬ੍ਰਮ ਸ਼ੰਕਰ ਜਿੰਪਾ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਜਨਤਾ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਸਾਰੀਆਂ ਸ਼ਿਕਾਇਤਾਂ ਦਾ ਜਲਦ ਹੱਲ ਕਰਨ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਹਿੱਤ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਨਤਾ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਉਨ੍ਹਾਂ ਦੇ ਹੱਲ ਲਈ ਕਿਸੇ ਵੀ ਪ੍ਰਕਾਰ ਦੀ ਦੇਰੀ ਜਾਂ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁੱਖ ਤਰਜ਼ੀਹ ਜਨਤਾ ਦੀ ਭਲਾਈ ਹੈ ਅਤੇ ਕਿਸੇ ਵੀ ਨਾਗਰਿਕ ਦੀ ਸਮੱਸਿਆ ਨੂੰ ਅਨਦੇਖਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਾ ਦਰਬਾਰ ਇਕ ਐਸਾ ਮਾਧਿਆਮ ਹੈ, ਜਿਸ ਰਾਹੀਂ ਉਹ ਸਿੱਧੇ ਜਨਤਾ ਨਾਲ ਜੁੜੇ ਰਹਿ ਸਕਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਤੁਰੰਤ ਹੱਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਅੱਗੇ ਵੀ ਨਿਰੰਤਰ ਕੀਤੇ ਜਾਣਗੇ, ਤਾਂ ਜੋ ਸਰਕਾਰ ਅਤੇ ਜਨਤਾ ਦਰਮਿਆਨ ਦੂਰੀ ਘੱਟ ਹੋਵੇ ਅਤੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਇਧਰ-ਉਧਰ ਭਟਕਣਾ ਨਾ ਪਵੇ। ਕੈਬਨਿਟ ਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਨਤਾ ਦੀਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਯੋਗ ਹੱਲ ਯਕੀਨੀ ਬਣਾਉਣ ਅਤੇ ਹਰੇਕ ਸ਼ਿਕਾਇਤ ਦਾ ਵਿਅਕਤੀਗਤ ਰੂਪ ਨਾਲ ਫੋਲੋਅਪ ਕਰਨ। ਉਨ੍ਹਾਂ ਕਿਹਾ ਕਿ ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਮੁੱਖ ਤਰਜ਼ੀਹ ਹੈ ਅਤੇ ਇਸ ਦਿਸ਼ਾ ਵਿਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡੀ.ਐਸ.ਪੀ ਅਮਰਨਾਥ, ਵਰਿੰਦਰ ਸ਼ਰਮਾ ਬਿੰਦੂ, ਸਤਵੰਤ ਸਿੰਘ ਸਿਆਣ ਵੀ ਮੌਜੂਦ ਸਨ।