ਹੁਸ਼ਿਆਰਪੁਰ, 13 ਮਾਰਚ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਜਨਾਬੱਧ ਤਰੀਕੇ ਨਾਲ ਸ਼ਹਿਰਾਂ ਤੇ ਪਿੰਡਾਂ ਵਿਚ ਵਿਕਾਸ ਕਾਰਜ ਕਰਵਾ ਰਹੀ ਹੈ। ਉਹ ਅੱਜ ਵਾਰਡ ਨੰਬਰ 27 ਦੇ ਨਿਊ ਦੀਪ ਨਗਰ ਵਿਚ 8.07 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਵਾਰਡ ਨੰਬਰ 27 ਦੇ ਨਾਲ-ਨਾਲ ਪੂਰੇ ਸ਼ਹਿਰ ਵਿਚ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਮੁਹੱਲਾ ਗੁਰੂ ਗੋਬਿੰਦ ਸਿੰਘ ਨਗਰ ਵੈਲਫੇਅਰ ਕਮੇਟੀ ਅਤੇ ਮੁਹੱਲਾ ਵੈਲਫੇਅਰ ਕਮੇਟੀ ਦੀਪ ਨਗਰ ਨੂੰ 2-2 ਲੱਖ ਰੁਪਏ ਵਿਕਾਸ ਗਰਾਂਟ ਦੇਣ ਦੀ ਘੋਸ਼ਣਾ ਵੀ ਕੀਤੀ। ਉਨ੍ਹਾਂ ਇਸ ਦੌਰਾਨ ਇਲਾਵਾ ਨਿਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਲਾਕੇ ਦੀ ਹਰੇਕ ਸਮੱਸਿਆ ਨੂੰ ਜਲਦ ਤੋਂ ਜਲਦ ਦੂਰ ਕਰ ਦਿੱਤਾ ਜਾਵੇਗਾ। ਇਸ ਮੌਕੇ ਕੁਲਵਿੰਦਰ ਸਿੰਘ ਹੁੰਦਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।