- ਕਿਹਾ, ਸ਼ਹਿਰ ’ਚ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਅਤੇ ਸੁੰਦਰੀਕਰਨ ਨੂੰ ਲੈ ਕੇ ਚੱਲਦੇ ਰਹਿਣਗੇ ਪ੍ਰੋਜੈਕਟ
ਹੁਸ਼ਿਆਰਪੁਰ, 5 ਸਤੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ 12.28 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 17 ਅਤੇ ਵਾਰਡ ਨੰਬਰ 22 ਵਿਚ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਨ ਦੌਰਾਨ ਕਿਹਾ ਕਿ ਹੁਸ਼ਿਆਰਪੁਰ ਵਿਚ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਵਾਰਡ ਦੀ ਮੁੱਖ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 17 ਵਿਚ 5.67 ਲੱਖ ਰੁਪਏ ਅਤੇ ਵਾਰਡ ਨੰਬਰ 22 ਵਿਚ 6.61 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ ਹੈ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਅਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ੁਰੂ ਕੀਤੇ ਗਏ ਕਾਰਜਾਂ ਨੂੰ ਪੂਰੀ ਗੰਭੀਰਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਢਿੱਲੀ ਕਾਰਗੁਜ਼ਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਪੂਰੀ ਇਮਾਨਦਾਰੀ ਨਾਲ ਡਿਊਟੀ ਨਿਭਾਈ ਜਾਵੇ, ਤਾਂ ਜੋ ਜਨਤਾ ਨੂੰ ਸਮੇਂ ਸਿਰ ਅਤੇ ਨਿਰੰਤਰ ਵੱਖ-ਵੱਖ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕੰਮਾਂ ਵਿਚ ਗੁਣਵੱਤਾ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਹ ਖੁਦ ਜਾ ਕੇ ਸਾਰੇ ਕੰਮਾਂ ਦਾ ਜਾਇਜ਼ਾ ਲੈਣਗੇ ਅਤੇ ਸਪੈਸ਼ਲ ਟੀਮ ਤੋਂ ਵੀ ਕੰਮਾਂ ਦੀ ਚੈਕਿੰਗ ਕਰਵਾਈ ਜਾਵੇਗੀ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਵੀ ਤੈਅ ਸਮੇਂ ਵਿਚ ਸ਼ੁਰੂ ਕੀਤਾ ਜਾਵੇਗਾ ਅਤੇ ਹੁਸ਼ਿਆਰਪੁਰ ਦੇ ਵਿਕਾਸ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਬੁਨਿਆਦੀ ਢਾਂਚੇ ਤੋਂ ਲੈ ਕੇ ਸ਼ਹਿਰ ਦੇ ਸੁੰਦਰੀਕਰਨ ਅਤੇ ਵਿਕਾਸ ਕੰਮ ਲਗਾਤਾਰ ਚੱਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਛੋਟੀ ਤੇ ਵੱਡੀ ਸਮੱਸਿਆ ਦਾ ਨਿਰਧਾਰਤ ਸਮੇਂ ਵਿਚ ਹੱਲ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਮਨਜੀਤ ਕੌਰ, ਕੌਂਸਲਰ ਕੁਲਦੀਪ ਸਿੰਘ ਧਾਮੀ, ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।