ਹੁਸ਼ਿਆਰਪੁਰ, 16 ਮਾਰਚ : ਆਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਜ਼ਰ ਜਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਲੋਕ ਸਭਾ ਚੋਣਾਂ 2024 ਲਈ ਬਣਾਈਆਂ ਗਈਆਂ ਵੱਖ ਵੱਖ ਟੀਮਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਈ ਡਿਜੀਟਲ ਐਪਸ ਜਿਵੇਂ ਕਿ ਸੀ-ਵਿਜਲ, ਈ.ਐਸ.ਐਮ.ਐਸ. ਆਦਿ ਲਾਂਚ ਕੀਤੀਆਂ ਗਈਆ ਹਨ। ਉਨ੍ਹਾਂ ਦੱਸਿਆ ਕਿ ਸੀ-ਵਿਜਲ ਐਪ ਰਾਹੀਂ ਕੋਈ ਵੀ ਆਮ ਨਾਗਰਿਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ਼ ਕਰਵਾ ਸਕਦਾ ਹੈ। ਉਨ੍ਹਾਂ ਸਾਰੀਆਂ ਹੀ ਟੀਮਾਂ ਨੂੰ ਚੋਣ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਸੁਨੇਹਾ ਦਿੱਤਾ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਟੋਲ ਫਰੀ ਹੈਲਪਲਾਈਨ ਨੰਬਰ 1950 ਉੱਤੇ ਆਪਣੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀਆਂ ਹਨ।