ਜਲੰਧਰ, 15 ਮਾਰਚ : ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਹਿਲੀ ਵਾਰ ਜਲੰਧਰ ਪਹੁੰਚੇ ਕਰਮਜੀਤ ਕੌਰ ਚੌਧਰੀ ਅਤੇ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਬੁੱਧਵਾਰ ਨੂੰ ਪਰਿਵਾਰ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਵਿਖੇ ਪਹੁੰਚ ਕੇ ਸਵਰਗ ਵਾਸੀ ਸੰਤੋਖ ਸਿੰਘ ਚੌਧਰੀ ਦੀ ਯਾਦਗਾਰ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਜਲੰਧਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ, ਜਲੰਧਰ ਉੱਤਰੀ ਵਿਧਾਇਕ ਅਵਤਾਰ ਸਿੰਘ ਜੂਨੀਅਰ, ਕਰਤਾਰਪੁਰ ਦੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਨਕੋਦਰ ਹਲਕੇ ਦੇ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ, ਸਾਬਕਾ ਮੇਅਰ ਜਗਦੀਸ਼ ਰਾਜ ਰਾਜਾ, ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ, ਮਹਿਲਾ ਕਾਂਗਰਸ ਦੇ ਕੌਮੀ ਕੋਆਰਡੀਨੇਟਰ ਡਾ. ਜਸਲੀਨ ਸੇਠੀ ਅਤੇ ਪਾਰਟੀ ਦੇ ਹੋਰ ਆਗੂ ਤੇ ਵਰਕਰ ਵੀ ਪਹੁੰਚੇ। ਇਸ ਤੋਂ ਪਹਿਲਾਂ ਜਲੰਧਰ ਸ਼ਹਿਰ ਵਿਖੇ ਆਪਣੀ ਰਿਹਾਇਸ਼ 'ਤੇ ਪਹੁੰਚਣ 'ਤੇ ਵੱਡੀ ਗਿਣਤੀ 'ਚ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਨੇ ਦੋਵਾਂ ਆਗੂਆਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਮਜੀਤ ਕੌਰ ਚੌਧਰੀ ਨੇ ਜ਼ਿਮਨੀ ਚੋਣ ਲਈ ਆਪਣੇ ਨਾਮ ਦਾ ਐਲਾਨ ਕਰਨ 'ਤੇ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਲੰਧਰ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦੀ ਪੁਰਜ਼ੋਰ ਕੋਸ਼ਿਸ਼ ਕਰਨਗੇ। ਪੱਤਰਕਾਰਾਂ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਵਿਕਰਮਜੀਤ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਇੱਕ ਸਾਲ ਦੇ ਕਾਰਜਕਾਲ ਵਿੱਚ ਬੁਰੀ ਤਰਾਂ ਨਾਲ ਫ਼ੇਲ੍ਹ ਹੋਈ ਹੈ ਅਤੇ ਸੂਬੇ ਦੀ ਲੋਕ ਆਪਣੇ ਆਪ ਨੂੰ ਬਿਲਕੁਲ ਵੀ ਸੁਰੱਖਿਅਤ ਨਹੀਂ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਪਰਾਧ ਮੁਕਤ ਮਾਹੌਲ ਦੇਣ ਦੀ ਬਜਾਏ ਸਰਕਾਰ ਕਾਂਗਰਸੀ ਵਰਕਰਾਂ ਨੂੰ ਧਮਕਾਉਣ 'ਤੇ ਕੇਂਦਰਿਤ ਹੈ, ਜਿਸਦਾ ਜਵਾਬ ਲੋਕ ਜ਼ਿਮਨੀ ਚੋਣਾਂ 'ਚ ਕਾਂਗਰਸ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾ ਕੇ ਦੇਣਗੇ। ਇਸ ਮੌਕੇ ਜਲੰਧਰ ਸ਼ਹਿਰ ਦੇ ਕੌਂਸਲਰ ਮਨਮੋਹਨ ਰਾਜੂ, ਵਿਪਨ ਚੱਢਾ ਤੇ ਤਰਸੇਮ ਲਖੋਤਰਾ, ਗੁਰਾਇਆ ਮਾਰਕੀਟ ਕਮੇਟੀ ਚੇਅਰਮੈਨ ਦਾਰਾ ਸਿੰਘ ਰਾਏ, ਭੁਪਿੰਦਰ ਸਿੰਘ ਜੌਲੀ ਅਤੇ ਮੀਨੂੰ ਬੱਗਾ ਹੋਰਾਂ ਸਮੇਤ ਹਾਜ਼ਰ ਸਨ।