- ਸਰਵੇਖਣ, ਜਾਂਚ ਤੇ ਜਾਗਰੂਕਤਾ ਗਤੀਵਿਧੀਆਂ ’ਚ ਲਿਆਂਦੀ ਜਾਵੇ ਤੇਜ਼ੀ
- ਸਿਹਤ ਵਿਭਾਗ ਦੇ ਅਧਿਅਕਾਰੀਆਂ ਨਾਲ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਆਯੋਜਿਤ
ਨਵਾਂਸ਼ਹਿਰ, 17 ਅਕਤੂਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਿਹਤ ਵਿਭਾਗ ਦੇ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਸਮੇਤ ਮੌਜੂਦਾ ਸਮੇਂ ਵਿਚ ਡੇਂਗੂ ਦੇ ਖ਼ਤਰੇ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਆਯੋਜਿਤ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਪ੍ਰਤੀਨਿਧੀਆਂ ਨੂੰ ‘ਜੀ ਆਇਆਂ ਨੂੰ’ਕਿਹਾ ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਵਾਨਗੀ ਨਾਲ ਮੀਟਿੰਗ ਦੀ ਸ਼ੁਰੂਆਤ ਕੀਤੀ। ਮੀਟਿੰਗ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮਹੀਨਾ ਸਤੰਬਰ-2023 ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਧੀਨ ਕੀਤੇ ਗਏ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਨੇ ਸਿਹਤ ਅਧਿਕਾਰੀਆਂ ਨੂੰ ਸਾਵਧਾਨ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ ਡੇਂਗੂ ਅਤੇ ਚਿਕਨਗੁਨੀਆ ਦੇ ਕੇਸ ਸਾਹਮਣੇ ਆਉਣ ’ਤੇ ਸਿਹਤ ਵਿਭਾਗ ਅਤੇ ਨਗਰ ਕੌਂਸਲਾਂ ਸਮੇਤ ਹੋਰਨਾਂ ਸਹਿਯੋਗੀ ਵਿਭਾਗਾਂ ਨੂੰ ਹੋਰ ਚੌਕਸ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਡੇਂਗੂ ਦੀ ਰੋਕਥਾਮ ਲਈ ਸਰਵੇਖਣ, ਜਾਂਚ ਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਕਿਹਾ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਨਿਰੰਤਰ ਇਹ ਗਤੀਵਿਧੀਆਂ ਚਲਾਈਆਂ ਜਾਣ। ਉਨ੍ਹਾਂ ਕਿਹਾ ਕਿ ਹਫ਼ਤੇ ਦੇ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ਮੁਹਿੰਮ ਨੂੰ ਹਦਾਇਤਾਂ ਅਨੁਸਾਰ ਹੋਰ ਅਸਰਦਾਰ ਢੰਗ ਨਾਲ ਚਲਾਇਆ ਜਾਵੇ। ਡੇਂਗੂ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਅਤੇ ਹਫ਼ਤੇ ਵਿਚ ਇਕ ਵਾਰ ਕੂਲਰਾਂ, ਫਰਿੱਜ਼ ਦੀ ਟਰੇਅ ਦੀ ਸਫਾਈ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਮੱਛਰ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ। ਜ਼ਿਲ੍ਹੇ ਵਿੱਚ ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਉਲੰਘਣਾ ਕਰਨ ਵਾਲਿਆਂ ’ਤੇ ਸਖਤ ਕਾਰਵਾਈ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੀਆਂ ਗੈਰ-ਤੰਬਾਕੂ ਦੁਕਾਨਾਂ ’ਤੇ ਤੰਬਾਕੂ ਉਤਪਾਦ ਵੇਚੇ ਜਾਂਦੇ ਹਨ, ਉਨ੍ਹਾਂ ’ਤੇ ਛਾਪੇਮਾਰੀ ਕਰਕੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕਿਹਾ ਕਿ ਵਿਦਿਅਕ ਅਦਾਰਿਆਂ ਨੇੜੇ ਸਥਿਤ ਦੁਕਾਨਾਂ ਵਿੱਚ ਤੰਬਾਕੂ ਦੀ ਵਿੱਕਰੀ ਕਰਨ ਵਾਲਿਆਂ ’ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਸੰਸਥਾਗਤ ਜਣੇਪੇ ਨੂੰ ਹੋਰ ਵਧਾਉਣ ਲਈ ਯਤਨ ਕਰਨ ਦੇ ਆਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਦੀ ‘ਐਂਟੀਨੇਟਲ ਚੈਕ ਅੱਪ ਰਜਿਸ਼ਟ੍ਰੇਸ਼ਨ’ਵਧਾਈ ਜਾਵੇ ਅਤੇ ਹਰ ਇੱਕ ਉੱਚ ਜ਼ੋਖਿਮ ਵਾਲੀਆਂ ਗਰਭਵਤੀ ਮਹਿਲਾਵਾਂ ਦਾ ਵਿਸ਼ੇਸ਼ ਧਿਆਨ ਰੱਖ ਕੇ, ਉਨ੍ਹਾਂ ਦਾ ਸੁਰੱਖਿਅਤ ਜਣੇਪਾ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਜਣੇਪੇ ਦੀ ਦਰ ਨੂੰ ਵਧਾਉਣ ਲਈ ਸਰਕਾਰੀ ਹਸਪਤਾਲਾਂ ਵਿਚ ਜਣੇਪਾ ਕਰਵਾਉਣ ਵਾਲੀਆਂ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਣੇਪੇ ਦੀ ਮੁਫ਼ਤ ਸਹੂਲਤ ਦਾ ਹਰੇਕ ਲੋੜਵੰਦ ਨੂੰ ਲਾਭ ਮਿਲ ਸਕੇ।