- ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਅਤੇ ਕਲੀਨਿਕਾਂ ਬਾਰੇ ਜ਼ਮੀਨੀ ਪੱਧਰ ਤੱਕ ਜਾਗਰੂਕਤਾ ਦੀ ਹਦਾਇਤ
- ਐਸਐਸਪੀ ਨੇ ਅਧਿਕਾਰੀਆਂ ਨੂੰ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਵਾਉਣ ਲਈ ਕਮਰਕੱਸੇ ਕਰਨ ਦੇ ਦਿੱਤੇ ਨਿਰਦੇਸ਼
ਕਪੂਰਥਲਾ, 26 ਜੂਨ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਨਸ਼ਿਆਂ ਖਿਲਾਫ ਸਾਂਝੇ ਯਤਨਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸੰਬੰਧਤ ਵਿਭਾਗਾਂ ਵਲੋਂ ਲੋਕਾਂ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਠੋਸ ਉਪਰਾਲਿਆਂ ਰਾਹੀਂ ਨਸ਼ਿਆਂ ਦਾ ਸਫਾਇਆ ਕੀਤਾ ਜਾ ਸਕਦਾ ਹੈ । ਪੰਜਾਬ ਸਰਕਾਰ ਦੀਆਂ ਨਸ਼ਿਆਂ ਖਿਲਾਫ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਨਸ਼ਿਆਂ ਅਤੇ ਸਮੱਗਲਰਾਂ ਖਿਲਾਫ ਨਿਗਰਾਨੀ ਵਧਾਉਣ ਦੀ ਲੋੜ ਹੈ ਤਾਂ ਜੋ ਇਸ ਅਲਾਮਤ ਅਤੇ ਇਸ ਵਿੱਚ ਸ਼ਾਮਲ ਲੋਕਾਂ ਦਾ ਪਤਾ ਲਾ ਕੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਅਜਿਹੀ ਕੋਈ ਕਾਰਵਾਈ ਆਉਂਦੀ ਹੈ ਤਾਂ ਉਹ ਇਸ ਬਾਰੇ ਸਿਵਲ ਅਤੇ ਪੁਲਿਸ ਵਿਭਾਗ ਨੂੰ ਸੂਚਿਤ ਕਰਕੇ ਨਸ਼ਿਆਂ ਖਿਲ਼ਾਫ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਨਸ਼ਾ ਮੁਕਤੀ ਪ੍ਰੋਗਰਾਮ ਅਤੇ ਨਸ਼ਾ ਛੁਡਾਊ ਕਲੀਨਿਕਾਂ ਬਾਰੇ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਨਸ਼ਿਆਂ ਵਿਚ ਫਸ ਚੁੱਕੇ ਲੋਕਾਂ ਦੇ ਮੁੜ ਵਸੇਬੇ ਨੂੰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਨੂੰ ਵੱਖ-ਵੱਖ ਕੰਮ-ਧੰਦਿਆਂ ਵਿੱਚ ਲਾਉਣਾ ਸਮੇਂ ਦੀ ਲੋੜ ਹੈ ਜਿਸ ਨਾਲ ਨਾ ਸਿਰਫ ਉਨ੍ਹਾਂ ਦੀ ਕਮਾਈ ਦਾ ਸਾਧਨ ਬਣੇਗਾ ਸਗੋਂ ਉਨ੍ਹਾਂ ਨੂੰ ਰੋਜ਼ਗਾਰ ਵਿਚ ਲਾ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਉਤਪਤੀ ਬਿਊਰੋ ਨੂੰ ਹਦਾਇਤ ਕੀਤੀ ਕਿ ਉਹ ਨਸ਼ੇ ਦੇ ਆਦੀ ਵਿਅਕਤੀਆਂ ਲਈ ਢੁਕਵੇਂ ਰੋਜ਼ਗਾਰ ਦੇ ਮੌਕੇ ਤਲਾਸ਼ਨ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਖ-ਵੱਖ ਕੰਮਾਂ ਵਿੱਚ ਲਾਇਆ ਜਾ ਸਕੇ। ਇਸ ਦੌਰਾਨ ਐਸ.ਐਸ.ਪੀ. ਵਤਸਲਾ ਗੁਪਤਾ ਨੇ ਵੀ ਪੁਲੀਸ ਅਧਿਕਾਰੀਆਂ ਨੂੰ ਸਮੱਗਲਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮੱਗਲਰਾਂ ਦੀਆਂ ਜਾਇਦਾਦਾਂ ਦੀ ਸਹੀ ਸ਼ਨਾਖ਼ਤ ਕਰਨ ਤੋਂ ਬਾਅਦ ਇਹ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਇਸ ਸਬੰਧੀ ਰਾਜ ਸਰਕਾਰ ਵੱਲੋਂ ਜਾਰੀ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਤਾਂ ਜੋ ਨਸ਼ਿਆਂ ਦੀ ਸਪਲਾਈ/ਵੇਚਣ ਵਾਲਿਆਂ ਨੂੰ ਸਖ਼ਤੀ ਨਾਲ ਨਜਿੱਠਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਦਵਾਈਆਂ ਦੇ ਸਟੋਰਾਂ 'ਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਸਿਵਲ ਸਰਜਨ ਨੂੰ ਜ਼ਿਲ੍ਹੇ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਤੇਜ਼ ਕਰਨ ਲਈ ਕਿਹਾ ਤਾਂ ਜੋ ਸਟਾਕ ਦੀ ਚੈਕਿੰਗ ਕੀਤੀ ਜਾ ਸਕੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼ਿਖਾ ਭਗਤ, ਐਸ.ਪੀ (ਹੈਡਕੁਆਰਟਰ) ਗੁਰਪ੍ਰੀਤ ਸਿੰਘ ਗਿੱਲ, ਐਸ.ਡੀ.ਐਮਜ਼, ਡੀ.ਐਸ.ਪੀਜ਼ ਅਤੇ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।