ਨਵਾਂਸ਼ਹਿਰ, 14 ਜੂਨ 2024 : ਮਹਾਨ ਸਾਇੰਟਿਸਟ ਕਾਰਲ ਲੇਂਡ ਸਟੇਨਰ ਦੇ ਜਨਮ ਦਿਨ ਨੂੰ ਸਮਰਪਿਤ ਰੋਟਰੀ ਕਲੱਬ ਬੰਗਾ ਗਰੀਨ ਅਤੇ ਬਲੱਡ ਡੋਨਰਜ਼ ਸੋਸਾਇਟੀ, ਬੰਗਾ ਵੱਲੋਂ ਪਿੰਡ ਨਾਗਰਾ ਬੰਗਾ ਵਿਖੇ ਵਿਸ਼ਾਲ ਸਵੈ-ਇੱਛੁਕ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਿਰਕਤ ਕਰਕੇ ਆਪਣਾ ਖੂਨਦਾਨ ਕੀਤਾ ਅਤੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਦਾਨ ਕੀਤਾ ਖੂਨ ਕਿਸੇ ਵੀ ਸਮੇਂ ਲੋੜਵੰਦ ਦੀ ਜਾਨ ਬਚਾਉਣ ਲਈ ਸਹਾਇਕ ਸਿੱਧ ਹੁੰਦਾ ਹੈ। ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖ਼ੂਨਦਾਨ ਮਹਾਂਦਾਨ ਹੈ ਅਤੇ ਖੂਨਦਾਨ ਕਰਨ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਖ਼ੂਨ ਦੀ ਇੱਕ ਇੱਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਆਕਤੀ ਨੂੰ ਜੀਵਨਦਾਨ ਦੇ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਖ਼ੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਇੱਕ ਸੰਤੁਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਇਕ ਲੋੜਵੰਦ ਵਿਆਕਤੀ ਨੂੰ ਜੀਵਨ ਪ੍ਰਦਾਨ ਕੀਤਾ ਹੈ। ਖੂਨ ਦਾਨ ਕਰਨਾ ਮਹਾ ਕਾਰਜ ਅਤੇ ਨੌਜਵਾਨਾਂ ਨੂੰ ਸਵੈ-ਇੱਛਾ ਨਾਲ ਆਪਣਾ ਖੂਨਦਾਨ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਰੋਟਰੀ ਕਲੱਬ ਬੰਗਾ ਗਰੀਨ ਅਤੇ ਬਲੱਡ ਡੋਨਰਜ਼ ਸੋਸਾਇਟੀ, ਬੰਗਾ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਦੀ ਸ਼ਲਾਘਾ ਕਰਦੇ ਹੋਏ ਨੌਜਵਾਨਾਂ ਨੂੰ ਆਪਣਾ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ‘ਤੇ ਖੂਨਦਾਨ ਕਰਨ ਵਾਲੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ ਅਤੇ ਰਿਫਰੈਸਮੈਂਟ ਵੀ ਦਿੱਤੀ ਗਈ।