- ਕਿਹਾ, ਕਿਸੇ ਵੀ ਧਿਰ ਨੂੰ ਮੰਡੀਆਂ ਵਿਚ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ
- ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਦੀ ਕੀਤੀ ਅਪੀਲ
- ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 29479 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ
- ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 28088 ਮੀਟ੍ਰਿਕ ਟਨ ਖ਼ਰੀਦਿਆ ਗਿਆ ਝੋਨਾ
ਨਵਾਂਸ਼ਹਿਰ, 12 ਅਕਤੂਬਰ 2024 : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਵਿਧਾਇਕ ਬੰਗਾ ਡਾ. ਸੁਖਵਿੰਦਰ ਸੁੱਖੀ ਅਤੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਸਮੇਤ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਡਾ. ਸੁਖਵਿੰਦਰ ਸੁੱਖੀ ਅਤੇ ਸੰਤੋਸ਼ ਕਟਾਰੀਆ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਧਿਰ ਨੂੰ ਝੋਨੇ ਦੀ ਖ਼ਰੀਦ ਸਬੰਧੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦੇਵੇਗੀ ਅਤੇ 24 ਘੰਟੇ ਦੇ ਅੰਦਰ-ਅੰਦਰ ਕਿਸਾਨਾਂ ਦੇ ਝੋਨੇ ਦੀ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਕਿਸਾਨ ਮੰਡੀ ਵਿਚ ਸੁੱਕੀ ਫ਼ਸਲ ਲੈ ਕੇ ਹੀ ਆਉਣ। ਇਸ ਮੌਕੇ ਉਨ੍ਹਾਂ ਵੱਲੋਂ ਆੜ੍ਹਤੀਆਂ, ਪੱਲੇਦਾਰਾਂ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮੰਡੀਆਂ ਵਿਚ ਹੁਣ ਤੱਕ 29479 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 28088 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 11362 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 8122, ਪਨਸਪ ਵਲੋਂ 5200, ਵੇਅਰਹਾਊਸ ਵੱਲੋਂ 1996 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 1400 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਅਤੇ ਉਸ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।