ਹੁਸ਼ਿਆਰਪੁਰ, 15 ਸਤੰਬਰ : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਅੱਜ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਐੱਸ.ਡੀ.ਕਾਲਜ ਹੁਸ਼ਿਆਰਪੁਰ ਵਿਖੇ ਮਨਾਇਆ ਗਿਆ। ਇਸ ਮੌਕੇ ਐੱਸ.ਡੀ.ਕਾਲਜ ਦੇ ਵਿਦਿਆਰਥੀਆਂ ਨੇ ਨਾਅਰੇ ਲੇਖਣ ਮੁਕਾਬਲਿਆਂ ਵਿਚ ਹਿੱਸਾ ਲਿਆ, ਜਿਸ ਦੌਰਾਨ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਸਿਧਾਂਤਾਂ ਬਾਰੇ ਦੱਸਿਆ ਗਿਆ ਅਤੇ ਨਾਲ ਹੀ ਲੋਕਤੰਤਰ ਅਤੇ ਤਾਨਾਸ਼ਾਹੀ ਵਿਚ ਅੰਤਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਇਸ ਤੋਂ ਇਲਾਵਾ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫਤ ਕਾਨੂੰਨੀ ਸੇਵਾਵਾਂ/ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ’ਤੇ ਫਰੰਟ ਆਫਿਸ ਖੋਲ੍ਹੇ ਗਏ ਹਨ, ਜਿਨ੍ਹਾਂ ਵਿਚ ਰਿਟੇਨਰ ਐਡਵੋਕੇਟਾਂ ਵੱਲੋਂ ਪ੍ਰਾਰਥੀਆਂ ਨੂੰ ਕਾਨੂੰਨੀ ਸਲਾਹ-ਮਸ਼ਵਰਾ ਦਿੱਤਾ ਜਾਂਦਾ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ, ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।