- 31 ਅਕਤੂਬਰ ਤੱਕ ਚੱਲੇਗੀ ਨਸ਼ਾ ਛੁਡਾਊ ਮੁਹਿੰਮ
ਹੁਸ਼ਿਆਰਪੁਰ, 02 ਅਕਤੂਬਰ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀਆਂ ਹਦਾਇਤਾਂ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਦੀ ਅਗਵਾਈ ਹੇਠ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਚ ਨਸ਼ਾ ਛੁਡਾਊ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ 1 ਅਕਤੂਬਰ ਤੋਂ 31 ਅਕਤੂਬਰ ਤੱਕ ਚਲਾਈ ਜਾ ਰਹੀ ਹੈ। ਇਸ ਮੌਕੇ ਚੀਫ਼ ਲੀਗਲ ਏਡ ਡਿਫੈਂਸ ਕੌਂਸਲਰ ਵਿਸ਼ਾਲ ਕੁਮਾਰ ਅਤੇ ਡਿਪਟੀ ਲੀਗਲ ਏਡ ਡਿਫੈਂਸ ਕੌਂਸਲਰ ਸੰਦੀਪ ਨੇ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਉਪਰੋਕਤ ਮੁਹਿੰਮ ਦਾ ਉਦੇਸ਼ ਨੌਜਵਾਨਾਂ ਨੂੰ ਜੇਲ੍ਹਾਂ ਵਿਚੋਂ ਬਾਹਰ ਆਉਣ 'ਤੇ ਨਸ਼ਾ ਰਹਿਤ ਅਤੇ ਚੰਗਾ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਹੈ। ਇਸ ਦੌਰਾਨ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਵਨ ਕੁਮਾਰ ਵੀ ਹਾਜ਼ਰ ਸਨ।