ਹੁਸ਼ਿਆਰਪੁਰ, 21 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਹਰ ਵਾਰਡ ਵਿਚ ਲੋਕਾਂ ਨੂੰ ਹਰੇਕ ਜ਼ਰੂਰੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਡਾਂ ਵਿਚ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਜ਼ਰੂਰੀ ਮੰਗ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਹ ਵਾਰਡ ਨੰਬਰ 12 ਵਿਚ ਕਮਿਊਨਿਟੀ ਹਾਲ ਦੇ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਮੁਹੱਲਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਕਮਿਊਨਿਟੀ ਹਾਲ ਲਈ ਕੈਬਨਿਟ ਮੰਤਰੀ ਵਲੋਂ 5 ਲੱਖ ਰੁਪੲ ਦਿੱਤੇ ਗਏ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਮਿਊਨਿਟੀ ਹਾਲ ਦੇ ਨਿਰਮਾਣ ਵਿਚ ਉਨ੍ਹਾਂ ਵਲੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸੁੰਦਰੀਕਰਨ ਤੇ ਵਿਕਾਸ ਨੂੰ ਲੈ ਕੇ ਨਗਰ ਨਿਗਮ ਬਹੁਤ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਵੱਖ-ਵੱਖ ਗਲੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਉਥੇ ਪੀਣ ਵਾਲੇ ਪਾਣੀ ਲਈ ਟਿਊਬਵੈਲ ਵੀ ਪਹਿਲ ਦੇ ਆਧਾਰ ’ਤੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਵਿਕਾਸ ਦੀ ਇਹ ਲੜੀ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਕੌਂਸਲਰ ਅਮਰੀਕ ਚੌਹਾਨ, ਗੁਰਮੇਲ ਸਿੰਘ, ਮੁਖੀ ਰਾਮ, ਅਜੀਤ ਸਿੰਘ ਲੱਕੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।