- ਪੰਜਾਬ ਸਰਕਾਰ ਵੀ ਨੌਜਵਾਨਾਂ ਨੂੰ ਵਿਦੇਸ਼ਾਂ ਦੀ ਤਰਜ਼ 'ਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੀ ਨੀਤੀ 'ਤੇ ਕੰਮ ਕਰ ਰਹੀ ਹੈ : ਬਰਸਟ
ਜਲੰਧਰ, 7 ਅਪ੍ਰੈਲ : ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ਼ੁੱਕਰਵਾਰ ਨੂੰ ਨੌਜਵਾਨਾਂ ਨੂੰ ਘਰ-ਘਰ ਅਤੇ ਮੁਹੱਲੇ ਵਿੱਚ ਜਾ ਕੇ ਲੋਕਾਂ ਨੂੰ ‘ਆਪ’ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਇੱਕ ਸੁੰਦਰ ਸੂਬਾ ਬਣਾਇਆ ਜਾ ਸਕੇ। ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ, ਜਲੰਧਰ ਲੋਕ ਸਭਾ ਇੰਚਾਰਜ ਮੰਗਲ ਸਿੰਘ ਅਤੇ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ ਗੋਲਡੀ ਦੀ ਹਾਜ਼ਰੀ ਵਿੱਚ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ‘ਆਪ’ ਪਾਰਟੀ ਨੌਜਵਾਨਾਂ ਦੀ ਪਾਰਟੀ ਹੈ। ਅੱਜ ਅਸੀਂ ਜਲੰਧਰ ਲੋਕ ਸਭਾ ਚੋਣਾਂ ਨੂੰ ਲੈ ਕੇ ਨੌਜਵਾਨਾਂ ਵਿਚਲੇ ਜਨੂੰਨ ਨੂੰ ਦੇਖਣ ਲਈ ਇਕੱਠੇ ਹੋਏ ਹਾਂ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਵੀ ਨੀਤੀਆਂ ਬਣਾਈਆਂ ਗਈਆਂ ਹਨ, ਉਨ੍ਹਾਂ ਵਿੱਚ ਨੌਜਵਾਨਾਂ ਪ੍ਰਤੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਸਕੀਮ ਸ਼ੁਰੂ ਕੀਤੀ ਹੈ ਤਾਂ ਜੋ ਨੌਜਵਾਨ ਰੁਜ਼ਗਾਰ ਦੀ ਭਾਲ ਲਈ ਵਿਦੇਸ਼ ਜਾਣ ਦੀ ਬਜਾਏ ਆਪਣਾ ‘ਕਾਰੋਬਾਰ’ ਸ਼ੁਰੂ ਕਰ ਸਕਣ। ਉਨ੍ਹਾਂ ਕਿਹਾ ਕਿ ਵਿਦੇਸ਼ੀ ਸਰਕਾਰਾਂ ਆਪਣੇ ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ੇ, ਸੂਚਨਾਵਾਂ ਅਤੇ ਸਲਾਹਾਂ ਦਿੰਦੀਆਂ ਹਨ ਪਰ ਇੱਥੇ ਇਸ ਦੇ ਬਿਲਕੁਲ ਉਲਟ ਹੈ। ਸਾਡੇ ਬੱਚੇ ਖਾਲੀ ਹੱਥ ਵਿਦੇਸ਼ ਜਾ ਰਹੇ ਹਨ ਅਤੇ ਆਪਣੀ ਮਿਹਨਤ ਨਾਲ ਕਰੋੜਾਂ ਦਾ ਕਾਰੋਬਾਰ ਕਰ ਰਹੇ ਹਨ। ਦੇਸ਼ ਵਿੱਚ ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਕਈ ਤਰ੍ਹਾਂ ਦੇ ਨੋ-ਆਬਜੈਕਸ਼ਨ ਸਰਟੀਫਿਕੇਟ ਲੈਣੇ ਪੈਂਦੇ ਹਨ ਅਤੇ ਬੈਂਕਾਂ ਤੋਂ ਕਰਜ਼ੇ ਵੀ ਉੱਚ ਵਿਆਜ ਦਰਾਂ 'ਤੇ ਮਿਲਦੇ ਹਨ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ‘ਵਨ ਟਾਈਮ ਲਾਇਸੈਂਸ’ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ ਤਾਂ ਜੋ ਨੌਜਵਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਦੀ ਤਰਜ਼ ’ਤੇ ਪੰਜਾਬ ਸਰਕਾਰ ਵੀ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੀ ਨੀਤੀ ’ਤੇ ਚੱਲ ਰਹੀ ਹੈ। ਭਗਵੰਤ ਮਾਨ ਸਾਹਬ ਨੇ ਕੱਲ੍ਹ ਕਿਹਾ ਕਿ ਸਾਡੇ ਬੱਚਿਆਂ ਨੂੰ ਨੌਕਰੀ ਕਰਨ ਦੀ ਬਜਾਏ ਨੌਕਰੀ ਦੇਣ ਵਾਲੇ ਬਣਨਾ ਚਾਹੀਦਾ ਹੈ। ਅਸੀਂ ਇਸ ਨੀਤੀ ਨੂੰ ਤਾਂ ਹੀ ਸਫ਼ਲ ਬਣਾ ਸਕਦੇ ਹਾਂ ਜੇਕਰ ਨੌਜਵਾਨ ਇਸ ਵਿੱਚ ਸਾਥ ਦੇਣ। ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 1994 ਤੋਂ ਬਾਅਦ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ‘ਆਪ’ ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਵਿੱਚ ਨੌਜਵਾਨਾਂ ਨੂੰ ਸਾਰੇ ਵਿਭਾਗਾਂ ਵਿੱਚ ਰੈਗੂਲਰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ 30 ਹਜ਼ਾਰ ਦੇ ਕਰੀਬ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹਜ਼ਾਰਾਂ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਗਿਆ ਹੈ ਅਤੇ ਬਾਕੀਆਂ ਨੂੰ ਭਵਿੱਖ ਵਿੱਚ ਰੈਗੂਲਰ ਕੀਤਾ ਜਾਵੇਗਾ।