ਹੁਸ਼ਿਆਰਪੁਰ, 15 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਹਮੇਸ਼ਾ ਉਪਰਾਲਾ ਰਿਹਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਇਸ ਤਰ੍ਹਾਂ ਦੇ ਕੋਰਸ ਕਰਵਾਏ ਜਾਣ, ਜਿਸ ਵਿਚ ਰੋਜ਼ਗਾਰ ਦੀਆਂ ਵਧੇਰੇ ਸੰਭਾਵਨਾਵਾਂ ਹੋਣ। ਇਸ ਲਈ ਪੰਜਾਬ ਸਰਕਾਰ ਸਕਿੱਲ ਕੋਰਸਾਂ ਵਿਚ ਵਧੇਰੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਇਹ ਕੋਰਸ ਕਰਨ ਲਈ ਪ੍ਰੇਰਿਤ ਵੀ ਕਰ ਰਹੀ ਹੈ। ਉਹ ਆਈ.ਟੀ.ਆਈ ਹੁਸ਼ਿਆਰਪੁਰ ਦਾ ਦੌਰਾ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਐਕਸੀਅਨ ਰਾਜੀਵ ਸੈਣੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਈ.ਟੀ.ਆਈ ਹੁਸ਼ਿਆਰਪੁਰ ਦੀ ਨੁਹਾਰ ਬਦਲ ਕੇ ਇਸ ਦੀ ਕਾਇਆ-ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਈ.ਟੀ.ਆਈ ਦੀ ਇਮਾਰਤ ਦੀ ਹਾਲਤ ਖਰਾਬ ਹੈ, ਇਸ ਲਈ ਪੰਜਾਬ ਸਰਕਾਰ ਵਲੋਂ ਕਰੀਬ 2 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਆਈ.ਟੀ.ਆਈ ਦੀ ਇਮਾਰਤ ਦੀ ਮੁਰੰਮਤ ਕਰਵਾ ਕੇ ਇਸ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਕੰਮ ਵਿਚ ਆਈ.ਟੀ.ਆਈ ਦਾ ਪ੍ਰਸ਼ਾਸਨਿਕ ਬਲਾਕ, ਵਰਕਸ਼ਾਪ ਅਤੇ ਆਟੋ ਵਰਕਸ਼ਾਪ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ, ਪਬਲਿਕ ਹੈਲਥ ਅਤੇ ਹੋਰ ਵਿਭਾਗਾਂ ਵਲੋਂ ਇਹ ਕੰਮ ਪੂਰਾ ਕੀਤਾ ਜਾਵੇਗਾ, ਜਿਸ ਵਿਚ ਛੱਤਾਂ ਦੀ ਮੁਰੰਮਤ, ਫਲੋਰਿੰਗ, ਬਿਜਲੀ ਦੀਆਂ ਤਾਰਾਂ ਅਤੇ ਹੋਰ ਕੰਮ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਅਨੁਕੂਲ ਮਾਹੌਲ ਅਤੇ ਉਨ੍ਹਾਂ ਨੂੰ ਸਾਰੀਆਂ ਬੁਨਿਆਦੀ ਸੁਵਿਧਾਵਾਂ ਦੇਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਆਈ.ਟੀ.ਆਈ ਦੇ ਅਧਿਆਪਕਾਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਬੱਚਿਆਂ ਨੂੰ ਪੜ੍ਹਾਈ ਪੱਖੋਂ ਕੋਈ ਕਮੀ ਨਾ ਆਏ। ਇਸ ਦੌਰਾਨ ਆਈ.ਟੀ.ਆਈ ਦਾ ਸਟਾਫ਼ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।