- ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ
ਨਵਾਂਸ਼ਹਿਰ, 25 ਜੂਨ 2024 : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮੰਗਲਵਾਰ ਨੂੰ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਗਈ। ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸਮੇਤ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਸਮੇਤ ਵੱਖ-ਵੱਖ ਭਾਈਵਾਲ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਹੋਏ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣ ਦੀ ਲੋੜ ਤੇ ਜੋਰ ਦਿੰਦੇ ਹੋਏ ਜ਼ਿਲ੍ਹਾ ਟਾਸਕ ਫੋਰਸ ਦੇ ਮੈਂਬਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ। ਇਸ ਕਾਰਜ ਵਿੱਚ ਸਾਰੇ ਭਾਈਵਾਲ ਵਿਭਾਗਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਸਿਹਤ ਵਿਭਾਗ ਸਮੇਤ ਭਾਈਵਾਲ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਵਿਦਿਅਕ ਅਦਾਰਿਆਂ ਸਮੇਤ ਜਨਤਕ ਥਾਵਾਂ 'ਤੇ ਨਿਰੰਤਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕੋਈ ਕੋਟਪਾ ਐਕਟ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਨੂੰ ਤੰਬਾਕੂ ਮੁਕਤ ਜ਼ਿਲ੍ਹਾ ਬਣਾਉਣ ਲਈ ਸਾਂਝਾ ਹਭਲਾ ਮਾਰਿਆ ਜਾਵੇ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਤੀਬਰ ਜਾਗਰੂਕਤਾ ਮੁਹਿੰਮ ਸ਼ੁਰੂ ਕਰਕੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾਵੇ। ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਵਿਭਾਗ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੇ ਏਰੀਆ ਅੰਦਰ ਜਿਨ੍ਹਾਂ ਦੁਕਾਨਾਂ/ ਵੈਂਡਰਾਂ ਵੱਲੋਂ ਤੰਬਾਕੂ ਉਤਪਾਦਾਂ ਦੀ ਵਿਕਰੀ ਕੀਤੀ ਜਾਂਦੀ ਹੈ, ਉਨ੍ਹਾਂ ਦੁਕਾਨਾਂ 'ਤੇ ਇਹ ਬੋਰਡ ਲਗਵਾਇਆ ਜਾਣਾ ਯਕੀਨੀ ਬਣਾਇਆ ਜਾਵੇ ਕਿ 18 ਸਾਲ ਦੀ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣਾ ਕਾਨੂੰਨੀ ਅਪਰਾਧ ਹੈ। ਸਿਵਲ ਸਰਜਨ ਡਾ ਜਸਪ੍ਰੀਤ ਕੌਰ ਨੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਸਾਰੇ ਭਾਈਵਾਲ ਵਿਭਾਗਾਂ ਨੂੰ ਵੀ ਇਸ ਵਿਚ ਆਪਣੀ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਡੀ.ਐਸ.ਪੀ. ਗੁਰਬਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਸ਼ਿਆਮਾਦੇਵਾ, ਸਰਵੀਲੈਂਸ ਮੈਡੀਕਲ ਅਫਸਰ ਡਾ ਗਗਨ ਸ਼ਰਮਾ, ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਡਾ. ਸੋਨੀਆ, ਡਾ. ਗੁਰਿੰਦਰਜੀਤ ਸਿੰਘ, ਡਾ. ਰਵਿੰਦਰ ਸਿੰਘ, ਡਾ. ਗੁਰਪਾਲ ਕਟਾਰੀਆ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸ਼ਰ ਦਲਜੀਤ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।