ਕਪੂਰਥਲਾ, 20 ਅਪ੍ਰੈਲ : ਕਪੂਰਥਲਾ ਪੁਲਿਸ (ਸੀਆਈਏ ਸਟਾਫ) ਨੇ ਵੱਡੀ ਮਾਤਰਾ 'ਚ ਅਫੀਮ, ਹੈਰੋਇਨ, ਡਰੱਗ ਮਨੀ ਤੇ ਨਜਾਇਜ਼ ਹਥਿਆਰ ਸਮੇਤ 1 ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਆਈਏ ਸਟਾਫ ਦੇ ਇੰਚਾਰਜ ਜਰਨੈਲ ਸਿੰਘ (ਇੰਸਪੈਕਟਰ) ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸੀਆਈਏ ਸਟਾਫ ਕਪੂਰਥਲਾ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਗੱਡੀ ਨੰਬਰ ਪੀਬੀ 08 ਡੀਡੀ 9063 ਸਮੇਤ ਕੀਤਾ ਹੈ। ਜਿਸ ਕੋਲੋਂ ਤਿੰਨ ਕਿਲੋ ਅਫੀਮ, 200 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਟਲ, 6 ਜਿੰਦਾ ਰੋਂਦ, 5 ਲੱਖ 7 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਸੀਆਈਏ ਸਟਾਫ ਇੰਚਾਰਜ ਨੇ ਕਿਹਾ ਕਿ ਉਕਤ ਵਿਅਕਤੀ ਦੀ ਪਹਿਚਾਣ ਰਾਮਪਾਲ ਪੁੱਤਰ ਸਵ. ਰਮੇਸ਼ ਕੁਮਾਰ ਵਾਸੀ ਮੁਹੱਲਾ ਲਾਵਿਆ ਸਰਾਫਾ ਬਾਜ਼ਾਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਇਸ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਖਿਲਾਫ ਪਹਿਲਾ ਵੀ ਹੁਸ਼ਿਆਰਪੁਰ, ਜਲੰਧਰ ਅਤੇ ਕਪੂਰਥਲਾ 'ਚ ਤਿੰਨ ਐਨਡੀਪੀਐਸ ਐਕਟ ਦੇ ਤਹਿਤ ਮਾਮਲੇ ਦਰਜ ਹਨ।