ਜਲੰਧਰ, 27 ਜੂਨ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਅਤੇ ਬਿਹਤਰ ਬਣਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਮਿਲੀਆਂ ਹਦਾਇਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਦੀ ਖੱਜਲ-ਖੁਆਰੀ ਰੋਕਣ ਲਈ ਫੀਲਡ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਖਾਸ ਨਿਰਦੇਸ਼ ਸਮੇਂ-ਸਮੇਂ ਉੱਤੇ ਜਾਰੀ ਕੀਤੇ ਜਾਂਦੇ ਹਨ। ਜਿੰਪਾ ਨੇ ਅੱਜ ਕਪੂਰਥਲਾ ਰੋਡ ਸਥਿਤ ਸਟੇਟ ਪਟਵਾਰ ਸਕੂਲ ਵਿਖੇ 3.68 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਮਾਲ ਮੰਤਰੀ ਨੇ ਕੰਪਲੈਕਸ ਦੇ ਨਵੀਨੀਕਰਨ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਤੋਂ ਇਲਾਵਾ ਇਮਾਰਤ ਵਿੱਚ ਸੋਲਰ ਊਰਜਾ ਪਲਾਂਟ ਦਾ ਉਦਘਾਟਨ ਕੀਤਾ। ਜਿੰਪਾ ਨਾਲ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਸ਼ੀਤਲ ਅੰਗੂਰਾਲ, ਵਧੀਕ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸਟੇਟ ਪਟਵਾਰ ਸਕੂਲ ਅਤੇ ਡਾਇਰੈਕਟਰ ਲੈਂਡ ਰਿਕਾਰਡ ਕੰਪਲੈਕਸ ਦੇ ਨਵੀਨੀਕਰਨ 'ਤੇ 3.28 ਕਰੋੜ ਰੁਪਏ ਖਰਚ ਕੀਤੇ ਜਾਣਗੇ, ਜਿਸ ਸਦਕਾ ਇੱਥੇ ਮਾਲ ਅਧਿਕਾਰੀਆਂ ਨੂੰ ਦਿੱਤੀ ਜਾਣ ਵਾਲੀ ਸਿਖ਼ਲਾਈ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਇਮਾਰਤ ਵਿੱਚ ਹੋਰ ਸਿਖਲਾਈ ਪ੍ਰੋਗਰਾਮਾਂ ਤੋਂ ਇਲਾਵਾ ਕਈ ਵਿਭਾਗੀ ਪ੍ਰੀਖਿਆਵਾਂ ਕਰਵਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਇਮਾਰਤਾਂ ਦੀ ਮੁਰੰਮਤ ਹੋਣ ਨਾਲ ਭਾਗੀਦਾਰਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਦੀ ਸਹੂਲਤ ਮਿਲੇਗੀ। ਮਾਲ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਵਿੱਤੀ ਵਰ੍ਹੇ ਦੌਰਾਨ ਸੂਬੇ ਭਰ ਵਿੱਚ ਮਾਲ ਵਿਭਾਗ ਦੀਆਂ ਇਮਾਰਤਾਂ ਦੀ ਉਸਾਰੀ ਅਤੇ ਨਵੀਨੀਕਰਨ ਲਈ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਫੰਡ ਵਿੱਚੋਂ 99.60 ਕਰੋੜ ਰੁਪਏ ਜਾਰੀ ਕੀਤੇ ਗਏ ਜਦਕਿ ਇਸੇ ਮੰਤਵ ਲਈ ਚਾਲੂ ਵਿੱਤੀ ਸਾਲ ਦੌਰਾਨ ਕਰੀਬ 100 ਕਰੋੜ ਰੁਪਏ ਦੇ ਫੰਡ ਸੁਸਾਇਟੀ ਦੇ ਫੰਡ ਵਿੱਚੋਂ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਫੰਡ ਇਨ੍ਹਾਂ ਇਮਾਰਤਾਂ ਨੂੰ ਹਰ ਤਰ੍ਹਾਂ ਦੀਆਂ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਬਣਾਉਣ ਤੋਂ ਇਲਾਵਾ ਜਿੱਥੇ ਲੋੜ ਹੋਵੇਗੀ, ਉੱਥੇ ਨਵੀਆਂ ਇਮਾਰਤਾਂ ਮੁਹੱਈਆ ਕਰਵਾਉਣ ਲਈ ਖਰਚ ਕੀਤੇ ਜਾਣਗੇ। ਨਵੇਂ ਸੋਲਰ ਊਰਜਾ ਪਲਾਂਟ ਬਾਰੇ ਬੋਲਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਹ ਸੋਲਰ ਊਰਜਾ ਪਲਾਂਟ ਪ੍ਰਤੀ ਸਾਲ ਲਗਭਗ 90,000 ਯੂਨਿਟ ਬਿਜਲੀ ਪੈਦਾ ਕਰੇਗਾ, ਜਿਸ ਸਦਕਾ ਇਸ ਇਮਾਰਤ ਨੂੰ ਊਰਜਾ ਦੀ ਲੋੜ ਦੇ ਮਾਮਲੇ ਵਿੱਚ ਕਾਫੀ ਹੱਦ ਤੱਕ ਆਤਮ-ਨਿਰਭਰ ਬਣਾਇਆ ਜਾ ਸਕੇਗਾ । ਉਨ੍ਹਾਂ ਇਹ ਵੀ ਦੱਸਿਆ ਕਿ ਇਹ ਪ੍ਰਾਜੈਕਟ ਸਟੇਟ ਬੈਂਕ ਆਫ਼ ਇੰਡੀਆ ਦੀ ਮਦਦ ਨਾਲ 40 ਲੱਖ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ ਹੈ। ਸ਼੍ਰੀ ਜਿੰਪਾ ਨੇ ਅੱਗੇ ਕਿਹਾ ਕਿ ਮਾਲ ਵਿਭਾਗ ਵੱਲੋਂ ਲੋਕਾਂ ਨੂੰ ਇੱਕ ਅਜਿਹਾ ਪਲੇਟਫਾਰਮ ਮੁਹੱਈਆ ਕਰਵਾਉਣ ਦੀ ਪਹਿਲ ਵੀ ਕੀਤੀ ਗਈ ਹੈ, ਜਿੱਥੇ ਉਹ ਵਟਸਐਪ ਰਾਹੀਂ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਲੋਕਾਂ ਲਈ ਵਟਸਐਪ ਨੰਬਰ 81849-00002 ਜਾਰੀ ਕੀਤਾ ਗਿਆ ਹੈ, ਜਿੱਥੇ ਮਾਲ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਸਿੱਧੇ ਤੌਰ ’ਤੇ ਦਰਜ ਕਰਵਾਈਆਂ ਜਾ ਸਕਦੀਆਂ ਹਨ। ਇਸੇ ਤਰ੍ਹਾਂ ਪ੍ਰਵਾਸੀ ਭਾਰਤੀਆਂ ਲਈ ਇੱਕ ਵੱਖਰਾ ਵਟਸਐਪ ਨੰਬਰ 94641-00168 ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 1335 ਸ਼ਿਕਾਇਤਾਂ ਦਰਜ ਹੋਈਆਂ ਹਨ, ਜਿਨ੍ਹਾਂ ਵਿੱਚੋਂ 536 ਦਾ ਸਬੰਧਤ ਅਧਿਕਾਰੀਆਂ ਵੱਲੋਂ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਸ਼ਿਕਾਇਤਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਨ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ।