- ਡਿਪਟੀ ਕਮਿਸ਼ਨਰ ਨੇ ਮਾਸਿਕ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ
- ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸਬੰਧਤ ਅਧਿਕਾਰੀਆਂ ਨੂੰ ਬਲਾਈਂਡ ਸਪਾਟਸ ’ਤੇ ਵਿਸ਼ੇਸ਼ ਧਿਆਨ ਦੇਣ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 16 ਜੂਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਪਹਿਲਕਦਮੀ ਕਰਦੇ ਹੋਏ ਜੇਲ੍ਹਾਂ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀ ਤੰਦਰੁਸਤੀ ਲਈ ਮੈਡੀਕਲ ਟੈਸਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੇਂਦਰੀ ਜੇਲ੍ਹ ਦੇ ਕੈਦੀਆਂ ਅਤੇ ਹਵਾਲਾਤੀਆਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਮੁਹਿੰਮ 15 ਜੂਨ ਤੋਂ ਸ਼ੁਰੂ ਕਰ ਦਿੱਤੀ ਗਈ ਹੈ, ਜੋ ਕਿ 14 ਜੁਲਾਈ ਤੱਕ ਚੱਲੇਗੀ। ਉਹ ਅੱਜ ਮਾਸਿਕ ਮੀਟਿੰਗਾਂ ਵਿਚ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਪੀ (ਹੈਡਕੁਆਟਰ) ਮਨਜੀਤ ਕੌਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਜੇਲ੍ਹ ਦੇ ਸਾਰੇ ਕੈਦੀਆਂ ਦੀ ਸਿਹਤ ਦੀ ਸੰਪੂਰਨ ਜਾਂਚ ਕਰਕੇ ਉਨ੍ਹਾਂ ਨੂੰ ਬਿੇਹਤਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਾਰੇ ਕੈਦੀਆਂ ਨੂੰ ਕਵਰ ਕੀਤਾ ਜਾਵੇਗਾ। ਇਸ ਵਿਚ ਕੈਦੀਆਂ ਦੀ ਸੈਕਸੁਅਲ ਟਰਾਂਸਮਿਟਿਡ ਡਿਜੀਜ਼, ਐਚ.ਆਈ.ਵੀ., ਟੀ.ਬੀ ਅਤੇ ਹੈਪੇਟਾਈਟਸ ਦੀ ਸਕਰੀਨਿੰਗ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਡਾਟਾ ਕਿਸੇ ਨਾਲ ਸਾਂਝਾ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਿਹਤ ਵਿਭਾਗ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਚ ਸੁਚਾਰੂ ਢੰਗ ਨਾਲ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਡੇਂਗੂ ਦੀ ਰੋਕਥਾਮ ਲਈ ਇਕ ਮੁਹਿੰਮ ਦੇ ਤੌਰ ’ਤੇ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਇਸ ਦੌਰਾਨ ਉਨ੍ਹਾਂ ਨੇ ਈ.ਓਜ਼ ਅਤੇ ਬੀ.ਡੀ.ਪੀ.ਓਜ਼ ਨੂੰ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਫਾਗਿੰਗ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਡੇਂਗੂ ਦਾ ਲਾਰਵਾ ਚੈਕ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿ ਡੇਂਗੂ ਦੇ ਮੱਛਰ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਉਨ੍ਹਾਂ ਮਾਸਿਕ ਮੀਟਿੰਗ ਦੌਰਾਨ ਕੋਵਿਡ-19 ਸਬੰਧੀ ਆ ਰਹੇ ਮਾਮਲਿਆਂ ਦੀ ਸਮੀਖਿਆ ਕੀਤੀ ਅਤੇ ਸਿਹਤ ਵਿਭਾਗ ਨੂੰ ਜ਼ਰੂਰੀ ਪ੍ਰੋਟੋਕਾਲ ਦੀ ਪਾਲਣਾ ਕਰਨ ਦੇ ਨਿਰਦੇਸ ਦਿੱਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਰਾਹੀਂ ਲੋਕਾਂ ਤੱਕ ਬਿਹਤਰ ਢੰਗ ਨਾਲ ਸਿਹਤ ਸੁਵਿਧਾਵਾਂ ਪਹੁੰਚਾਣੀਆਂ ਯਕੀਨੀ ਬਣਾਈਆਂ ਜਾਣ। ਇਸ ਦੌਰਾਨ ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਦੀ ਡਿਲੀਵਰੀ ਵੱਧ ਤੋਂ ਵੱਧ ਸਰਕਾਰੀ ਹਸਪਤਾਲਾਂ ਵਿਚ ਕਰਵਾਉਣ ਲਈ ਗਤੀਵਿਧੀਆਂ ਤੇਜ਼ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਡਿਲੀਵਰੀ ਦੌਰਾਨ ਬੀ.ਪੀ.ਐਲ. ਪਰਿਵਾਰਾਂ ਨਾਲ ਸਬੰਧਤ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਵੀ ਸੁਚਾਰੂ ਢੰਗ ਨਾਲ ਦਿੱਤੀ ਜਾਵੇ। ਉਨ੍ਹਾਂ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਮੈਡੀਕਲ ਸਟੋਰਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੁਤਾਹੀ ਸਾਹਮਣੇ ਆਉਣ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੀ.ਬੀ. ਦੀ ਬਿਮਾਰੀ ਸਬੰਧੀ ਵੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਅਤੇ ਇਸ ਤਰ੍ਹਾਂ ਦੇ ਮਰੀਜ਼ ਸਾਹਮਣੇ ਆਉਣ ’ਤੇ ਤੁਰੰਤ ਇਲਾਜ ਕੀਤਾ ਜਾਵੇ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਰੋਡ ਸੇਫਟੀ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਸ਼ਨਾਖਤ ਕੀਤੇ ਗਏ ਬਲਾਈਂਡ ਸਪਾਟਸ ’ਤੇ ਕੰਮ ਕੀਤਾ ਜਾਵੇ ਅਤੇ ਉਥੇ ਟਰੈਫਿਕ ਲਾਈਟਾਂ ਤੋਂ ਇਲਾਵਾ ਹਰ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਜਿਥੇ ਸੇਫ ਸਕੂਲ ਵਾਹਨ ਸਕੀਮ ਦੀ ਸਮੀਖਿਆ ਕੀਤੀ, ਉਥੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਜ਼ਿਲ੍ਹੇ ਦੇ ਕਿਸੇ ਵੀ ਬੱਸ ਸਟੈਂਡ ਦੇ ਬਾਹਰ ਵਾਹਨ ਨਾਲ ਖੜ੍ਹੇ ਹੋਣ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਚੁਣੇ ਹੋਏ ਪੰਜ ਸਕੂਲ ਆਫ਼ ਐਮੀਨੈਂਸ ’ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮਿਡ-ਡੇ-ਮੀਲ ਤਹਿਤ ਦਿੱਤੇ ਜਾ ਰਹੇ ਖਾਣੇ ਦੀ ਗੁਣਵੱਤਾ ਬਰਕਰਾਰ ਰੱਖਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਸਕੂਲਾਂ ਵਿਚ ਬਾਥਰੂਮਾਂ ਅਤੇ ਕਮਰਿਆਂ ਦੀ ਸਾਫ਼-ਸਫ਼ਾਈ ਤੋਂ ਇਲਾਵਾ ਹੋਰ ਸੁਵਿਧਾਵਾਂ ਵੀ ਯਕੀਨੀ ਬਣਾਉਣ, ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਚੰਗਾ ਮਾਹੌਲ ਦਿੱਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਸਮਗਰ ਸਿੱਖਿਆ ਅਭਿਆਨ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ, ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ, ਜੀ.ਐਸ.ਟੀ, ਐਕਸਾਈਜ਼, ਇੰਟੀਗ੍ਰੇਟਿਡ ਚਾਈਲਡ ਡਿਵੈਲਪਮੈਂਟ ਸਕੀਮ, ਬੇਟੀ ਬਚਾਓ-ਬੇਟੀ ਪੜ੍ਹਾਓ, ਵਨ ਸਟਾਪ ਸੈਂਟਰ, ਖੇਤੀ ਵਿਭਾਗ, ਸਮਾਰਟ ਰਾਸ਼ਨ ਕਾਰਡ, ਫੂਡ ਸੇਫਟੀ, ਸਹਿਕਾਰਤਾ ਵਿਭਾਗ, ਪਸ਼ੂ ਪਾਲਣ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ ਦੇ ਕੰਮਾਂ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਸਾਰੇ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।