- ਮੈਗਾ ਸਮਾਗਮ ਨੂੰ ਵੱਡੇ ਪੱਧਰ 'ਤੇ ਸਫ਼ਲ ਬਣਾਉਣ ਲਈ ਅਧਿਕਾਰੀਆਂ ਨੂੰ ਕੋਈ ਕਸਰ ਬਾਕੀ ਨਾ ਛੱਡਣ ਦੀ ਹਦਾਇਤ
ਜਲੰਧਰ, 18 ਜੂਨ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ 20 ਜੂਨ, 2023 ਨੂੰ ਪੀ.ਏ.ਪੀ. ਗਰਾਊਂਡ ਜਲੰਧਰ ਵਿਖੇ ਹੋਣ ਵਾਲੇ ਸੀ.ਐਮ. ਦੀ ਯੋਗਸ਼ਾਲਾ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਲੋਕਾਂ ਵਿੱਚ ਯੋਗ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਅਧਿਕਾਰੀਆਂ ਨੂੰ ਇਸ ਸ਼ਾਨਦਾਰ ਸਮਾਰੋਹ ਨੂੰ ਵੱਡੇ ਪੱਧਰ ’ਤੇ ਸਫ਼ਲ ਬਣਾਉਣ ਲਈ ਪੂਰੇ ਜੋਸ਼ ਅਤੇ ਲਗਨ ਨਾਲ ਕੰਮ ਕਰਨ ਦੀ ਹਦਾਇਤ ਦਿੱਤੀ। ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਸਮਾਗਮ ਵਾਲੀ ਥਾਂ ’ਤੇ ਹੋ ਰਹੀ ਹਰੇਕ ਗਤੀਵਿਧੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਕਰਵਾਇਆ ਜਾਵੇਗਾ, ਜਿਸ ਵਿੱਚ 20 ਜੂਨ ਨੂੰ ਹਜ਼ਾਰਾਂ ਵਲੰਟੀਅਰ ਮਾਹਰਾਂ ਦੀ ਅਗਵਾਈ ਹੇਠ ਇਸ ਗਰਾਊਂਡ ਵਿੱਚ ਯੋਗ ਕਰਨਗੇ। ਮੰਤਰੀ, ਲੋਕ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਨੂੰ ਹੋਰ ਸੁਚਾਰੂ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨੂੰ ਪਹਿਲਾਂ ਹੀ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ ਤਾਂ ਜੋ ਅਧਿਕਾਰੀ ਆਪਣੀ ਡਿਊਟੀ ਸੁਚੱਜੇ ਢੰਗ ਨਾਲ ਨਿਭਾ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੈਗਾ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਅਤੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਵੱਲੋਂ ਰੋਜ਼ਾਨਾ ਦੇ ਆਧਾਰ 'ਤੇ ਸਮੁੱਚੇ ਇੰਤਜ਼ਾਮ ਦੀ ਵਿਅਕਤੀਗਤ ਤੌਰ 'ਤੇ ਸਮੀਖਿਆ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਮੰਤਰੀ ਅਤੇ ਸੰਸਦ ਮੈਂਬਰ ਨੂੰ ਭਰੋਸਾ ਦਿਵਾਇਆ ਕਿ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਦੀ ਆਮਦ ਨੂੰ ਦੇਖਦੇ ਹੋਏ ਸਮੁੱਚੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਇਆ ਜਾਵੇਗਾ। ਮੀਟਿੰਗ ਵਿੱਚ ਪੰਜਾਬ ਰਾਜ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਅਭਿਜੀਤ ਕਪਲਿਸ਼, ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ, ਜਸਬੀਰ ਸਿੰਘ ਅਤੇ ਮੇਜਰ ਅਮਿਤ ਮਹਾਜਨ, ਜਗਰੂਪ ਸਿੰਘ ਸੇਖਵਾਂ, ਅਮਿਤ ਬਜਾਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।