- ਡਿਪਟੀ ਕਮਿਸ਼ਨਰ ਨੇ ਮੁਕੇਰੀਆਂ ਅਤੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
- ਸਿਹਤ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ 24 ਘੰਟੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜੁਟੀਆਂ
- ਡਰੇਨੇਜ ਵਿਭਾਗ ਨੂੰ ਧੁੱਸੀ ਬੰਨ੍ਹ ਦੀ ਵਿਸ਼ੇਸ਼ ਨਿਗਰਾਨੀ ਕਰਨ ਦੀਆਂ ਹਦਾਇਤਾਂ
- ਰੈੱਡ ਕਰਾਸ ਸੁਸਾਇਟੀ ਪ੍ਰਭਾਵਿਤ ਲੋਕਾਂ ਨੂੰ ਮੁਹੱਈਆ ਕਰਵਾ ਰਹੀ ਹੈ ਰਾਸ਼ਨ ਸਮੱਗਰੀ
ਹੁਸ਼ਿਆਰਪੁਰ, 16 ਅਗਸਤ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਮੁਕੇਰੀਆਂ ਤੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ।ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਹਲੇੜ, ਮੋਤਲਾ, ਬੇਲਾ ਸਰਿਆਣਾ, ਕੋਲੀਆਂ ਦੇ ਦੌਰੇ ਦੌਰਾਨ ਉਨ੍ਹਾਂ ਦੱਸਿਆ ਕਿ ਹੁਣ ਤੱਕ 2500 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵੀ ਐਨ.ਡੀ.ਆਰ.ਐਫ ਅਤੇ ਐਸ.ਡੀ.ਆਰ.ਐਫ ਟੀਮਾਂ ਦੀ ਮਦਦ ਨਾਲ ਬਚਾਅ ਕਾਰਜ ਜਾਰੀ ਹੈ ਅਤੇ ਪ੍ਰਭਾਵਿਤ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੌਂਗ ਡੈਮ ਤੋਂ ਪਾਣੀ ਛੱਡਣ ਕਾਰਨ ਇਹ ਸਥਿਤੀ ਪੈਦਾ ਹੋਈ ਹੈ ਹੈ। ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਖਾਲੀ ਕਰਕੇ ਸੁਰੱਖਿਅਤ ਥਾਵਾਂ 'ਤੇ ਜਾਂ ਪ੍ਰਸ਼ਾਸਨ ਵੱਲੋਂ ਬਣਾਏ ਰਾਹਤ ਕੈਂਪਾਂ ਵਿੱਚ ਚਲੇ ਜਾਣ। ਇਸ ਤੋਂ ਪਹਿਲਾਂ ਉਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਟਾਂਡਾ, ਪੋਸੀ ਬੇਟ, ਰਾਮਪੁਰ ਅਤੇ ਹੋਰ ਪਿੰਡਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਨਾਲ ਲੱਗਦੇ ਧੁੱਸੀ ਬੰਨ੍ਹ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇ ਅਤੇ ਨਾਜ਼ੁਕ ਥਾਵਾਂ ਦੀ ਜਲਦੀ ਤੋਂ ਜਲਦੀ ਮੁਰੰਮਤ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਵਿਸ਼ੇਸ਼ ਤੌਰ 'ਤੇ ਚੌਕਸ ਹਨ ਅਤੇ ਹੋਰਨਾਂ ਵਿਭਾਗਾਂ ਦੀ ਤਰ੍ਹਾਂ ਇਨ੍ਹਾਂ ਦੋਵਾਂ ਵਿਭਾਗਾਂ ਦੀਆਂ ਟੀਮਾਂ ਵੀ ਦਿਨ-ਰਾਤ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਲਈ ਚਾਰੇ ਦਾ ਵੀ ਢੁੱਕਵਾਂ ਪ੍ਰਬੰਧ ਕੀਤਾ ਜਾ ਰਿਹਾ ਹੈ। ਕੋਮਲ ਮਿੱਤਲ ਨੇ ਦੱਸਿਆ ਕਿ ਆਈ.ਏ.ਐਸ ਅਧਿਕਾਰੀ ਦਿਵਿਆ. ਪੀ. ਦੀ ਅਗਵਾਈ ਹੇਠ ਗੈਰ ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਰੈੱਡ ਕਰਾਸ ਸੋਸਾਇਟੀ ਵੀ ਰਾਹਤ ਕੈਂਪਾਂ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਮਦਦ ਕਰ ਰਹੀ ਹੈ। ਰੈੱਡ ਕਰਾਸ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸਥਿਤੀ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।