ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਸਾਫ-ਸੁਥਰਾ ਤੇ ਸੁੰਦਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ : ਡਾ. ਰਵਜੋਤ ਸਿੰਘ

  • ਨਗਰ ਨਿਗਮ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਵਾਰਡਾਂ ਦੇ ਪ੍ਰਮੁੱਖ ਕੰਮ 3 ਮਹੀਨਿਆਂ ਦੇ ਅੰਦਰ-ਅੰਦਰ ਕਰਵਾਉਣ ਦੇ ਨਿਰਦੇਸ਼
  • ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੀਵਰੇਜ ਲਾਈਨਾਂ ਦੀ ਸਫਾਈ, ਬਰਸਾਤੀ ਪਾਣੀ ਦੀ ਨਿਕਾਸੀ ਸਮੇਤ ਹੋਰ ਉਪਾਅ ਪਹਿਲਾਂ ਹੀ ਕਰਨ ਲਈ ਕਿਹਾ

ਜਲੰਧਰ, 17 ਫਰਵਰੀ 2025 : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਹਿਰ ਵਿੱਚ ਸਾਫ਼-ਸਫਾਈ, ਸੁੰਦਰੀਕਰਨ, ਸੜਕਾਂ, ਰੌਸ਼ਨੀ, ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਜ਼ੋਰ ਦਿੰਦਿਆਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਵਾਰਡਾਂ ਦੇ ਪ੍ਰਮੁੱਖ ਕੰਮ 3 ਮਹੀਨਿਆਂ ਦੇ ਅੰਦਰ-ਅੰਦਰ ਕਰਵਾਉਣ ਦੇ ਆਦੇਸ਼ ਦਿੱਤੇ। ਇਥੇ ਨਗਰ ਨਿਗਮ ਵਿਖੇ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ, ਮੇਅਰ ਵਿਨੀਤ ਧੀਰ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕੌਂਸਲਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਸ਼ਹਿਰ ਦੇ ਸਮੂਹ ਵਾਰਡਾਂ ਵਿੱਚ ਸਫਾਈ ਸੇਵਕਾਂ ਦੀ ਬਰਾਬਰ ਵੰਡ ਕਰਨ ਲਈ ਕਿਹਾ ਤਾਂ ਜੋ ਸਫਾਈ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਵਾਰਡਾਂ ਦੀਆਂ ਸਫਾਈ, ਸੀਵਰੇਜ ਓਵਰ ਫਲੋਅ, ਜਲ ਸਪਲਾਈ, ਲਾਈਟਾਂ ਆਦਿ ਨਾਲ ਸਬੰਧਤ ਸਮੱਸਿਆਵਾਂ ਫੀਲਡ ਵਿੱਚ ਜਾ ਕੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਕੂੜਾ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਡਾ. ਰਵਜੋਤ ਸਿੰਘ ਨੇ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਵਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਸ਼ਹਿਰ ਵਿੱਚ ਡੰਪਿੰਗ ਸਾਈਟਾਂ ਦੀ ਗਿਣਤੀ ਘਟਾਈ ਜਾ ਸਕੇ। ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਘਰਾਂ ਵਿੱਚੋਂ ਕੂੜਾ ਇਕੱਠਾ ਕਰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਤੋਂ ਇਲਾਵਾ ਸੜਕਾਂ ਦੀ ਰੋਜ਼ਾਨਾ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ-ਸੁਥਰਾ ਆਲਾ-ਦੁਆਲਾ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱਚ ਰੌਸ਼ਨੀ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ, ਜਿਸ ਦੇ ਲਈ ਪੁਰਾਣੀਆਂ ਸਟ੍ਰੀਟ ਲਾਈਟਾਂ ਦੀ ਮੁਰੰਮਤ ਦੇ ਨਾਲ-ਨਾਲ ਨਵੀਆਂ ਸਟ੍ਰੀਟ ਲਾਈਟਾਂ ਲਾਉਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਸਾਫ-ਸੁਥਰਾ ਤੇ ਸੁੰਦਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਦੇ ਪ੍ਰਵੇਸ਼ ਪੁਆਇੰਟਾਂ ’ਤੇ ਸੁੰਦਰੀਕਰਨ ਤੇ ਸਾਫ-ਸਫਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਦੇਣ ਦੇ ਨਾਲ-ਨਾਲ ਇਨ੍ਹਾਂ ਥਾਵਾਂ ’ਤੇ ਢੁੱਕਵੀਂ ਰੌਸ਼ਨੀ, ਡਿਵਾਈਡਿੰਗ ਪੁਆਇੰਟਸ ਦੀ ਮੈਨੇਟੇਨੈਂਸ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਬਰਸਾਤੀ ਪਾਣੀ ਦੀ ਨਿਕਾਸੀ, ਨਾਲੀਆਂ ਦੀ ਸਫਾਈ, ਸੀਵਰੇਜ ਲਾਈਨਾਂ ਦੀ ਸਫਾਈ, ਵਾਟਰ ਸਪਲਾਈ ਪਾਈਪਾਂ ਦੀ ਲੀਕੇਜ ਦੀ ਜਾਂਚ, ਲੋੜੀਂਦੀ ਮਸ਼ੀਨਰੀ ਸਮੇਤ ਹੋਰ ਉਪਾਅ ਮਾਨਸੂਨ ਤੋਂ ਪਹਿਲਾਂ ਹੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਾਰਿਸ਼ਾਂ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਡਾਗ ਸਟਰਲਾਈਜ਼ੇਸ਼ਨ ਦੇ ਕੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਸਥਾਨਕ ਸਰਕਾਰਾਂ ਮੰਤਰੀ ਨੇ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕੌਂਸਲਰਾਂ ਨੂੰ ਆਪਸੀ ਸਹਿਯੋਗ ਅਤੇ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਨਿਯਮਿਤ ਤੌਰ ’ਤੇ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਜਾਵੇਗੀ। ਨਗਰ ਨਿਗਮ ਅਧਿਕਾਰੀਆਂ ਨੂੰ ਸ਼ਹਿਰ ਦੇ ਬੁਨਿਆਦੀ ਢਾਂਚੇ ਨਾਲ ਜੁੜੇ ਕੰਮਾਂ ਨੂੰ ਪੂਰੀ ਸੰਜੀਦਗੀ ਨਾਲ ਕਰਵਾਉਣ ਦੀਆਂ ਹਦਾਇਤਾਂ ਦਿੰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਨ੍ਹਾਂ ਕੰਮਾਂ ਵਿੱਚ ਕਿਸੇ ਵੀ ਅਣਗਹਿਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਵਿਭਾਗ ਵੱਲੋਂ ਨਗਰ ਨਿਗਮ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀ ਨੇ ਨਗਰ ਨਿਗਮ ਦੀ ਨਵੀਂ ਚੁਣੀ ਗਈ ਟੀਮ ਨੂੰ ਸ਼ਹਿਰ ਦੀ ਬਿਹਤਰੀ ਲਈ ਡਟ ਕੇ ਕੰਮ ਕਰਨ ਦਾ ਸੱਦਾ ਦਿੱਤਾ। ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ ਸਥਾਨਕ ਸਰਕਾਰਾਂ ਜਗਦੀਪ ਸਹਿਗਲ, ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਤੇ ਦਿਨੇਸ਼ ਢੱਲ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਢਿੱਲੋਂ, ਡਿਪਟੀ ਮੇਅਰ ਮਲਕੀਤ ਸਿੰਘ ਅਤੇ ਨਗਰ ਨਿਗਮ ਦੇ ਅਧਿਕਾਰੀ ਅਤੇ ਕੌਂਸਲਰ ਵੀ ਮੌਜੂਦ ਸਨ।