ਨਵਾਂ ਸ਼ਹਿਰ, 17 ਮਾਰਚ : ਪੰਜਾਬ ਸਰਕਾਰ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਤੇ ਐਨਐਸਏ ਲਗਾ ਕੇ ਕੀਤੀ ਗ੍ਰਿਫਤਾਰੀ ਪੰਜਾਬ ਦੀ ਨੌਜਵਾਨੀ ਨਾਲ ਕੀਤੇ ਜਬਰ ਦੀ ਇੰਤਾਹ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਪਾਰਲੀਮੈਂਟ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਪ੍ਰੈਸ ਬਿਆਨ ਵਿੱਚ ਕੀਤਾ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜਿਹੀ ਕੋਈ ਦੇਸ਼ ਵਿਰੋਧੀ ਲਹਿਰ ਨਹੀਂ ਚੱਲ ਰਹੀ, ਜਿਸ ਕਰਕੇ ਸੂਬਾ ਸਰਕਾਰ ਨੂੰ ਆਪਣੇ ਹੀ ਨੌਜਵਾਨਾਂ ਖਿਲਾਫ਼ ਐੱਨਐੱਸਏ ਜਿਹੇ ਸਖ਼ਤ ਕਾਨੂੰਨ ਦੀ ਵਰਤੋਂ ਕਰਨ ‘ਤੇ ਮਜ਼ਬੂਰ ਹੋਣਾ ਪਏ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਭਾਈ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਤੇ ਲਗਾਇਆ ਦੇਸ਼ ਵਿਰੋਧੀ ਐਕਟ ਵਾਪਿਸ ਲਏ। ਉਨ੍ਹਾਂ ਆਖਿਆ ਕਿ ਪੰਜਾਬ ਦੇ ਨੌਜਵਾਨਾਂ ਉੱਤੇ ਧੜਾਧੜ ਅਜਿਹੇ ਸਖ਼ਤ ਕਾਨੂੰਨਾਂ ਦੀ ਦੁਵਰਤੋਂ ਕਰਕੇ ਪੰਜਾਬ ਸਰਕਾਰ ਜਾਣਬੁੱਝ ਸੂਬੇ ਅੰਦਰ ਡਰ ਅਤੇ ਸਹਿਮ ਵਾਲਾ ਮਾਹੌਲ ਸਿਰਜਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਈ ਅਮ੍ਰਿਤਪਾਲ ਸਿੰਘ ਦੀ ਜ਼ੇਲ੍ਹ ਅੰਦਰ ਵਿਗੜ ਰਹੀ ਸਿਹਤ ਲਈ ਸਿੱਧੇ ਤੌਰ ‘ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਆਖਿਆ ਕਿ ਜੇਲ੍ਹ ਵਿੱਚ ਬਣਦੀਆੰ ਸੁਵਿਧਾਵਾਂ ਨਾ ਦੇਣ ਮਨੁੱਖੀ ਹੱਕਾਂ ਦਾ ਘਾਣ ਹੈ। ਪ੍ਰੋ. ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆੰ ਆਖਿਆ ਕਿ ਭਾਈ ਅਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆੰ ਦੀ ਵਿਗੜ ਰਹੀ ਸਿਹਤ ‘ਤੇ ਤੁਰੰਤ ਧਿਆਨ ਦਿੱਤਾ ਜਾਵੇ। ਉਨ੍ਹਾਂ ਸੂਬਾ ਸਰਕਾਰ ਨੂੰ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਜਲਦ ਤੋਂ ਜਲਦ ਡਿਬਰੂਗੜ੍ਹ ਜੇਲ੍ਹ ਤੋਂ ਵਾਪਿਸ ਪੰਜਾਬ ਲਿਆ ਜੇਲ੍ਹ ਅੰਦਰ ਸਿਹਤ ਸੰਬੰਧੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।