- 'ਖੇਡਾਂ ਵਤਨ ਪੰਜਾਬ ਦੀਆ-2023' ਦੇ ਸੂਬਾ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ
ਮਾਹਿਲਪੁਰ, 17 ਅਕਤੂਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਖੇਡਾਂ ਵਿਚ ਨਵੇਂ ਰਿਕਾਰਡ ਕਾਇਮ ਕਰ ਰਿਹਾ ਹੈ ਅਤੇ ਸੂਬੇ ਦੇ ਖਿਡਾਰੀ ਦੇਸ਼-ਵਿਦੇਸ਼ ਵਿਚ ਪੰਜਾਬ ਦਾ ਨਾਂ ਰੋਸ਼ਨ ਕਰ ਰਹੇ ਹਨ। ਉਹ ਅੱਜ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆ-2023’ ਦੇ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਕਰਨ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ, ਡੀ.ਐਸ.ਪੀ ਦਲਜੀਤ ਸਿੰਘ ਖੱਖ, ਏਸ਼ੀਅਨ ਖੇਡਾਂ ਦੀ ਚਾਂਦੀ ਦੇ ਤਮਗੇ ਜੇਤੂ ਹਰਮਿਲਨ ਬੈਂਸ ਦੇ ਪਿਤਾ ਅਮਨਦੀਪ ਸਿੰਘ ਬੈਂਸ ਅਤੇ ਪ੍ਰਿੰਸੀਪਲ ਡਾ.ਪਰਵਿੰਦਰ ਸਿੰਘ ਸੈਣੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਵਿਚ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ। ਇਸੇ ਲਈ ਇਸ ਵਾਰ ਏਸ਼ਿਆਈ ਖੇਡਾਂ ਵਿਚ ਭਾਗ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ 8 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਹਿਸਾਬ ਨਾਲ ਤਿਆਰੀ ਲਈ ਕੁੱਲ 4.64 ਕਰੋੜ ਰੁਪਏ ਦਿੱਤੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੂਬੇ ਵਿਚ ਖੇਡ ਗਤੀਵਿਧੀਆਂ ਨੂੰ ਨਿੱਜੀ ਪੱਧਰ ’ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿਚ ਹੁਸ਼ਿਆਰਪੁਰ, ਸੰਗਰੂਰ, ਲੁਧਿਆਣਾ, ਮਲੇਰਕੋਟਲਾ, ਕਪੂਰਥਲਾ ਅਤੇ ਜਲੰਧਰ ਜੇਤੂ ਰਹੇ। ਇਸੇ ਤਰ੍ਹਾਂ ਅੰਡਰ-14 ਲੜਕੀਆਂ ਦੇ ਮੈਚਾਂ ਵਿਚ ਬਰਨਾਲਾ, ਬਠਿੰਡਾ, ਸੰਗਰੂਰ, ਮੁਕਤਸਰ ਅਤੇ ਫ਼ਿਰੋਜ਼ਪੁਰ ਜੇਤੂ ਰਹੇ। ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚ ਗੁਰਦਾਸਪੁਰ, ਮਾਲੇਰਕੋਟਲਾ ਅਤੇ ਤਰਨ ਤਾਰਨ ਜੇਤੂ ਰਹੇ। ਅੰਡਰ-14 ਲੜਕੇ ਬ੍ਰਿਜ-1 ਦੇ ਮੈਚਾਂ ਵਿਚ ਮੋਗਾ, ਜਲੰਧਰ, ਲੁਧਿਆਣਾ, ਮਾਨਸਾ, ਬਰਨਾਲਾ, ਰੋਪੜ ਅਤੇ ਲੁਧਿਆਣਾ ਜੇਤੂ ਰਹੇ। ਅੰਡਰ-21 ਲੜਕੀਆਂ ਦੇ ਮੁਕਾਬਲੇ ਵਿੱਚ ਸੰਗਰੂਰ ਜੇਤੂ ਰਿਹਾ।