ਹੁਸ਼ਿਆਰਪੁਰ, 12 ਮਈ : ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੀ ਅਗਵਾਈ ਹੇਠ ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਅੱਜ ਕੌਮਾਂਤਰੀ ਨਰਸਿੰਗ ਦਿਵਸ ਦੇ ਮੌਕੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸਿਵਲ ਸਰਜਨ ਦਫ਼ਤਰ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਸੈਮੀਨਾਰ ਵਿੱਚ ਟ੍ਰੇਨਿੰਗ ਕਰ ਰਹੀਆਂ ਨਰਸਾਂ ਅਤੇ ਬਤੌਰ ਨਰਸਾਂ ਦੀਆਂ ਸੇਵਾਵਾਂ ਨਿਭਾਅ ਰਹੀਆਂ ਔਰਤਾਂ ਨੇ ਭਾਗ ਲਿਆ। ਇਸ ਮੌਕੇ ਉਨ੍ਹਾਂ ਵੱਲੋਂ ਮਰੀਜ਼ਾਂ ਦੀ ਦੇਖ-ਭਾਲ ਸੇਵਾ-ਭਾਵਨਾ ਨਾਲ ਕਰਨ ਦੀ ਸ਼ਲਾਘਾ ਕੀਤੀ ਗਈ ਅਤੇ ਹੋਰ ਵਧੀਆ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਗਿਆ ਕਿ ਇਨਸਾਨ ਦੀ ਜ਼ਿੰਦਗੀ ਦੀ ਖੁਸ਼ਹਾਲੀ ਲਈ ਉਨ੍ਹਾਂ ਦੀਆਂ ਸੇਵਾਵਾਂ ਦਾ ਬਹੁਤ ਵੱਡਾ ਯੋਗਦਾਨ ਹੈ। ਇਸ ਦੇ ਨਾਲ ਹੀ ਔਰਤਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲਸਾ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਹ ਸੇਵਾਵਾਂ ਕਿੱਥੋਂ ਅਤੇ ਕਿਵੇਂ ਮਿਲਦੀਆਂ ਹਨ ਅਤੇ ਕੌਣ-ਕੌਣ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਦਾ ਹੱਕਦਾਰ ਹੈ। ਇਹ ਵੀ ਦੱਸਿਆ ਗਿਆ ਕਿ ਕਿਹੜੀਆਂ ਕੈਟਾਗਰੀਆਂ ਅਧੀਨ ਮੁਫ਼ਤ ਕਾਨੂੰਨੀ ਸਹਾਇਤਾ ਮਿਲ ਸਕਦੀ ਹੈ ਅਤੇ 13 ਮਈ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਉਪਰੰਤ ਉਨ੍ਹਾਂ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ ਅਤੇ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮਿਤੀ 13 ਮਈ ਅਤੇ 9 ਸਤੰਬਰ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਔਰਤਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਕਿ ਜਿਸ ਔਰਤ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਨਹੀਂ ਮਿਲੀ, ਉਨ੍ਹਾਂ ਦੇ ਕੇਸ ਨਾਲ ਸਬੰਧਤ ਜ਼ਿਲਿ੍ਹਆਂ ਦੇ ਦਰਖਾਸਤ ਫਾਰਮ ਭਰਵਾ ਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਫਤਰਾਂ ਨੂੰ ਭੇਜੇ ਜਾਣ ਤਾਂ ਜੋ ਕੋਈ ਵੀ ਔਰਤ ਇਨ੍ਹਾਂ ਸੇਵਾਵਾਂ ਤੋਂ ਵਾਂਝੀ ਨਾ ਰਹੇ।