- ਪੰਜਾਬ ਵਿੱਚ ਕਾਨੂੰਨ ਵਿਵਸਥਾ 'ਤੇ ਬੋਲੇ ਕੇਜਰੀਵਾਲ, ਪੰਜਾਬ ਵਿੱਚ ਅਮਨ-ਕਾਨੂੰਨ ਸਾਡੀ ਪਹਿਲ
- ਕਿਹਾ, ਕੁਝ ਲੋਕਾਂ ਨੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਅੱਜ ਉਹ ਡਰ ਕੇ ਭੱਜ ਰਹੇ ਹਨ, ਅਜਿਹੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ
ਜਲੰਧਰ, 25 ਮਾਰਚ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਲਈ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦਿੱਤਾ ਕਿ ਸੂਬੇ ਦੀ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਉਨ੍ਹਾਂ ਦੀ ਪਹਿਲ ਹੈ। ਸ਼ਨੀਵਾਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੇ ਉਦਘਾਟਨ ਤੋਂ ਬਾਅਦ ਇੱਕ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੁਝ ਲੋਕਾਂ ਨੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਪਰ ਅਸੀਂ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਕਈ ਵਾਰ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਸਖ਼ਤ ਫੈਸਲੇ ਲੈਣੇ ਪੈਂਦੇ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਸਖ਼ਤ ਫ਼ੈਸਲੇ ਲੈਣ ਦੇ ਸਮਰੱਥ ਹੈ। ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਬਹੁਤ ਸੁਚੱਜੇ ਢੰਗ ਨਾਲ ਸਾਰੇ ਹਾਲਾਤਾਂ ਨੂੰ ਸੰਭਾਲਿਆ ਅਤੇ ਬਿਨਾਂ ਕੋਈ ਗੋਲੀ ਚਲਾਏ ਜਾਂ ਖ਼ੂਨ ਖਰਾਬੇ ਪੂਰੀ ਸਥਿਤੀ ਨੂੰ ਕਾਬੂ ਹੇਠ ਰੱਖਿਆ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਅੱਜ ਉਹ ਡਰ ਕੇ ਭੱਜ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਮਾਹੌਲ ਖ਼ਰਾਬ ਕਰਨ ਵਾਲੇ ਜਾਂ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਜਦੋਂ 3 ਕਰੋੜ ਪੰਜਾਬੀ ਸਰਕਾਰ ਦੇ ਨਾਲ ਹੋਣਗੇ ਤਾਂ ਕਿਸੇ ਨਸ਼ਾ ਤਸਕਰ ਦੀ ਨਸ਼ੇ ਵੇਚਣ ਦੀ ਹਿੰਮਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਾਨੂੰਨ ਵਿਵਸਥਾ ਦੀ ਸਥਿਤੀ ਵਿਚ ਸੁਧਾਰ ਹੋਇਆ ਹੈ ਕਿਉਂਕਿ ਪੁਰਾਣੀਆਂ ਸਰਕਾਰਾਂ ਵੇਲੇ ਉਨ੍ਹਾਂ ਦੇ ਵਿਧਾਇਕਾਂ ਅਤੇ ਮੰਤਰੀਆਂ ਦੀ ਗੈਂਗਸਟਰਾਂ, ਮਾਫੀਆ ਅਤੇ ਅਪਰਾਧੀਆਂ ਨਾਲ ਸੈਟਿੰਗ ਹੁੰਦੀ ਸੀ। ਪਰ 'ਆਪ' ਸਰਕਾਰ ਦੀ ਕਿਸੇ ਨਾਲ ਅਜਿਹੀ ਸੈਟਿੰਗ ਨਹੀਂ ਇਸੇ ਕਰਕੇ ਅੱਜ ਗੈਂਗਸਟਰਾਂ ਅਤੇ ਮਾਫੀਆ 'ਤੇ ਸ਼ਿਕੰਜਾ ਕੱਸਿਆ ਗਿਆ ਹੈ। ਸੰਗਤ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਰਾਹੀਂ ਗੁਰੂ ਰਵਿਦਾਸ ਜੀ ਦੀ ਪਵਿੱਤਰ ਬਾਣੀ ਨੂੰ ਪੰਜਾਬ ਅਤੇ ਪੂਰੀ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ। ਮੈਂ ਆਪਣੇ ਆਪ ਨੂੰ ਬਹੁਤ ਭਾਗਸ਼ਾਲੀ ਸਮਝਦਾ ਹਾਂ ਕਿ ਮੈਨੂੰ ਅਜਿਹੇ ਮਹਾਨ ਅਤੇ ਪੁੰਨ ਦੇ ਕੰਮ ਵਿੱਚ ਹਿੱਸਾ ਲੈਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੇ ਆਪਣੇ ਜੀਵਨ ਵਿੱਚ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ। ਬਾਬਾ ਸਾਹਿਬ ਨੇ ਇੱਕ ਪੀਐਚਡੀ ਦੀ ਡਿਗਰੀ ਅਮਰੀਕਾ ਤੋਂ ਕੀਤੀ ਅਤੇ ਦੂਜੀ ਲੰਡਨ ਤੋਂ। ਉਨ੍ਹਾਂ ਨੇ ਸਾਡੇ ਦੇਸ਼ ਦਾ ਸੰਵਿਧਾਨ ਲਿਖਿਆ ਅਤੇ ਅੱਜ ਪੂਰੀ ਦੁਨੀਆ ਉਸ ਸੰਵਿਧਾਨ ਨੂੰ ਮੰਨਦੀ ਹੈ। ਸਾਡੇ ਤੋਂ ਪਹਿਲਾਂ ਆਈਆਂ ਸਾਰੀਆਂ ਸਰਕਾਰਾਂ ਨੇ ਤੁਹਾਡੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦਾ ਕੰਮ ਨਹੀਂ ਕੀਤਾ ਅਤੇ ਨਾ ਹੀ ਸਕੂਲ ਬਣਾਉਣ ਦਾ ਕੰਮ ਕਿਸੇ ਸਰਕਾਰ ਨੇ ਕੀਤਾ। ਦਿੱਲੀ ਵਿੱਚ ਅਸੀਂ ਸਾਰੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਇਆ ਹੈ, ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਬਣਾਇਆ ਹੈ। ਹੁਣ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਬੱਚੇ ਡਾਕਟਰ, ਵਕੀਲ ਅਤੇ ਇੰਜੀਨੀਅਰ ਬਣ ਰਹੇ ਹਨ। ਮੈਨੂੰ ਬਹੁਤ ਖੁਸ਼ੀ ਹੈ ਕਿ ਪੰਜਾਬ ਵਿੱਚ ਵੀ ਸਰਦਾਰ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦਾ ਕੰਮ ਸ਼ੁਰੂ ਕੀਤਾ ਹੈ। ਅਗਲੇ ਪੰਜ ਸਾਲਾਂ ਤੱਕ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਧੀਆ ਪੱਧਰ ਦੇ ਹੋਣਗੇ। ਸਿਹਤ ਵਿਵਸਥਾ 'ਤੇ ਕੇਜਰੀਵਾਲ ਨੇ ਕਿਹਾ ਕਿ ਅਸੀਂ ਦਿੱਲੀ ਦੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਬਹੁਤ ਵਧੀਆ ਬਣਾ ਦਿੱਤਾ ਹੈ। ਇੱਥੇ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹਨ। ਮਾਨ ਸਾਹਿਬ ਨੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਸੁਧਾਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਦਿੱਲੀ ਵਿੱਚ ਅਸੀਂ ਹਰ ਗਲੀ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਹਨ। ਮੈਂ 5 ਸਾਲਾਂ ਵਿੱਚ ਦਿੱਲੀ ਵਿੱਚ 550 ਮੁਹੱਲਾ ਕਲੀਨਿਕ ਖੋਲ੍ਹੇ। ਮਾਨ ਸਾਹਿਬ ਨੇ ਸਿਰਫ਼ ਇੱਕ ਸਾਲ ਵਿੱਚ ਪੰਜਾਬ ਵਿੱਚ 500 ਮੁਹੱਲਾ ਕਲੀਨਿਕ ਖੋਲ੍ਹੇ ਹਨ। ਪੰਜਾਬ ਵਿੱਚ ਦੱਸ ਗੁਣਾ ਤੇਜ਼ੀ ਨਾਲ ਵਿਕਾਸ ਦੇ ਕੰਮ ਹੋ ਰਹੇ ਹਨ। ਨਸ਼ੇ ਦੇ ਸੌਦਾਗਰਾਂ 'ਤੇ ਉਨ੍ਹਾਂ ਕਿਹਾ ਕਿ ਜਦੋਂ ਤਿੰਨ ਕਰੋੜ ਲੋਕ ਸਰਕਾਰ ਨਾਲ ਹੱਥ ਮਿਲਾ ਲੈਣਗੇ ਤਾਂ ਕੋਈ ਵੀ ਨਸ਼ਾ ਵੇਚਣ ਦੀ ਹਿੰਮਤ ਨਹੀਂ ਕਰੇਗਾ, ਸਾਰੇ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹ 'ਚ ਡੱਕਿਆ ਜਾਵੇਗਾ। ਆਮ ਆਦਮੀ ਪਾਰਟੀ ਦੀ ਕਿਸੇ ਨਾਲ ਕੋਈ ਸੈਟਿੰਗ ਨਹੀਂ ਹੈ, ਇਸੇ ਕਰਕੇ ਪਿਛਲੇ ਇੱਕ ਸਾਲ ਤੋਂ ਸਾਰੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਫੜ ਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਪੰਜਾਬ ਹੌਲੀ-ਹੌਲੀ ਮੁੜ ਲੀਹ 'ਤੇ ਆ ਰਿਹਾ ਹੈ।