- ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਜਾਣਗੀਆਂ ਲੋੜੀਂਦੀਆਂ ਸੇਵਾਵਾਂ
ਕਪੂਰਥਲਾ, 5 ਸਤੰਬਰ 2024 : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ “ ਸਰਕਾਰ ਆਪਕੇ ਦੁਆਰ “ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ ਮਨਸੂਰਵਾਲ ਦੋਨਾ ਦੇ ਸਰਕਾਰੀ ਹਾਈ ਸਕੂਲ ਵਿਖੇ 6 ਸਤੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਗਾਇਆ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਮਨਸੂਰਵਾਲ ਦੋਨਾਂ ਦੇ ਆਸ-ਪਾਸ ਦੇ ਖੇਤਰ ਦੇ ਲੋਕ ਕੈਂਪ ਵਿਚ ਪਹੁੰਚ ਕੇ ਆਪਣੀ ਮੁਸ਼ਕਿਲਾਂ ਦਾ ਮੌਕੇ ’ਤੇ ਫੌਰੀ ਹੱਲ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਂਪ ਵਿਚ ਪੰਜਾਬ ਸਰਕਾਰ ਦੀਆਂ ਸੇਵਾਵਾਂ ਅਤੇ ਲੋਕ ਭਲਾਈ ਸਕੀਮਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵੀ ਆਪਣੇ ਵਿਭਾਗ ਨਾਲ ਸਬੰਧਤ ਸਟਾਲ ਲਾ ਕੇ ਮੌਕੇ ‘ਤੇ ਹੀ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਨਗਰ ਕੌਂਸਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਆਦਿ ਕੰਮਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਨਾਲ ਸੰਬਧਤ ਰੈਜ਼ੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜ਼ਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ/ਲੀਡ ਬੈਂਕ ਮੈਨੇਜਰ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਕੋ-ਆਪਰੇਟਿਵ ਸੋਸਾਇਟੀ, ਰਾਜ ਪੇਂਡੂ ਰੋਜ਼ੀ-ਰੋਟੀ ਮਿਸ਼ਨ, ਉਦਯੋਗ ਕੇਂਦਰ, ਸਕਿੱਲ ਡਿਵੈੱਲਪਮੈਂਟ, ਰੋਜਗਾਰ ਵਿਭਾਗ ਅਤੇ ਹੋਰ ਵਿਭਾਗ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਮੌਕੇ ’ਤੇ ਹੀ ਸਰਕਾਰੀ ਸੇਵਾਵਾਂ ਦਾ ਲਾਭ ਵੀ ਮੁਹੱਈਆ ਕਰਵਾਇਆ ਜਾਂਦਾ ਹੈ।