ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ ਮਿਆਰੀ ਸਿੱਖਿਆ : ਬ੍ਰਮ ਸ਼ੰਕਰ ਜਿੰਪਾ

  • ਵਿਧਾਇਕ ਨੇ ਸਰਕਾਰੀ ਮਿਡਲ ਸਕੂਲ ਬਹਾਦਰਪੁਰ ‘ਚ ਦਾਖਲਾ ਮੁਹਿੰਮ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪਰ, 22 ਮਾਰਚ 2025 : ਪੰਜਾਬ ਸਰਕਾਰ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਮਿਡਲ ਸਕੂਲ ਬਹਾਦਰਪੁਰ ਵਿਚ ਵਿਦਿਅਕ ਸੈਕਸ਼ਨ 2025-26 ਦੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਨੂੰ ਮਿਆਰੀ, ਆਧੁਨਿਕ ਸਿੱਖਿਆ ਦੇਣ ਲਈ ਵਚਨਬੱਧ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਸਹੂਲਤਾਂ, ਤਜਰਬੇਕਾਰ ਅਧਿਆਪਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਸਰਕਾਰ ਨੇ ਵੱਡੇ ਪੱਧਰ 'ਤੇ ਸਕੂਲਾਂ ਦਾ ਨਵੀਨੀਕਰਨ, ਨਵੇਂ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਅਤੇ ਅਧਿਆਪਕ ਭਰਤੀ ਕੀਤੇ ਹਨ, ਜਿਸ ਕਾਰਨ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵੀ ਵਧੀਆ ਸਿੱਖਿਆ ਮਿਲ ਰਹੀ ਹੈ। ਵਿਧਾਇਕ ਜਿੰਪਾ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਮਿਆਰੀ ਸਿੱਖਿਆ ਕੇਂਦਰਾਂ ਵਿੱਚ ਬਦਲਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਾਂ, ਅੰਗਰੇਜ਼ੀ ਮਾਧਿਅਮ, ਡਿਜੀਟਲ ਲਰਨਿੰਗ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਨਾ ਸਿਰਫ਼ ਵਧੀਆ ਸਿੱਖਿਆ ਦਿੱਤੀ ਜਾ ਰਹੀ ਹੈ, ਸਗੋਂ ਬੱਚਿਆਂ ਨੂੰ ਮੁਫ਼ਤ ਕਿਤਾਬਾਂ, ਵਰਦੀਆਂ ਅਤੇ ਮਿਡ-ਡੇ-ਮੀਲ ਵਰਗੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਬੱਚਿਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੀ ਤਿਆਰ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਭਵਿੱਖ ਵਿੱਚ ਸਰਕਾਰੀ ਨੌਕਰੀਆਂ ਅਤੇ ਹੋਰ ਖੇਤਰਾਂ ਵਿੱਚ ਕਾਮਯਾਬ ਹੋ ਸਕਣ। ਅਖੀਰ ਵਿੱਚ ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਯਤਨ ਹੈ ਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ ਅਤੇ ਸਾਰੇ ਬੱਚਿਆਂ ਨੂੰ ਚੰਗੇ ਭਵਿੱਖ ਦੇ ਬਰਾਬਰ ਮੌਕੇ ਮਿਲਣ। ਉਨ੍ਹਾਂ ਸਾਰੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ, ਸੂਬਾ ਸੰਯੁਕਤ ਸਕੱਤਰ ਸੰਤੋਸ਼ ਸੈਣੀ, ਚੰਦਰ ਪ੍ਰਕਾਸ਼ ਸੈਣੀ, ਸੇਵਾਮੁਕਤ ਪ੍ਰੋ. ਬਹਾਦਰ ਸਿੰਘ ਸੁਨੇਤ, ਸੇਵਾਮੁਕਤ ਵਾਈਸ ਪ੍ਰਿੰਸੀਪਲ ਮਨੋਜ ਦੱਤਾ, ਮਨੀ ਗੋਗੀਆ, ਅਗਿਆਪਾਲ ਸਾਹਨੀ, ਵਰਿੰਦਰ ਸ਼ਰਮਾ, ਸੁਮੇਸ਼ ਸੋਨੀ, ਪਰਮਜੀਤ ਸਿੰਘ ਪੰਮਾ, ਬਿੱਲਾ ਬਹਾਦਰਪੁਰ, ਬ੍ਰਿਜ ਮੱਟੂ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।