ਮੁੱਖ ਮਹਿਮਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਕਰਨਗੇ ਸ਼ਿਰਕਤ
ਹੁਸ਼ਿਆਰਪੁਰ : ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ’ਤੇ ਸਵੱਛਤਾ ਹੀ ਸੇਵਾ ਦਿਵਸ ਮੌਕੇ 2 ਅਕਤੂਬਰ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਚੀਫ ਇੰਜੀਨੀਅਰ ਕੇ.ਐਸ. ਸੈਣੀ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਜੈਮਜ਼ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਆਡੀਟੋਰੀਅਮ ਵਿਖੇ ਕਰਵਾਏ ਜਾ ਰਹੇ ਇਸ ਰਾਜ ਪੱਧਰੀ ਸਮਾਗਮ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਡੀ.ਕੇ. ਤਿਵਾੜੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸੋਲਿਡ ਵੇਸਟ ਤੇ ਲਿਕੁਅਡ ਵੇਸਟ ਤਹਿਤ ਬਿਹਤਰੀਨ ਕੰਮ ਕਰਨ ਵਾਲੀਆਂ ਸੂਬੇ ਦੀਆਂ ਪੰਚਾਇਤਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ ਦਾ ਵੀ ਸਨਮਾਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਵੱਛਤਾ ਸਬੰਧੀ ਨੁੱਕੜ ਨਾਟਕ, ਲਘੂ ਫਿਲਮ ਅਤੇ ਹੋਰ ਪੇਸ਼ਕਾਰੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਚੀਫ ਇੰਜੀਨੀਅਰ ਕੇ.ਐਸ. ਸੈਣੀ ਨੇ ਇਸ ਮੌਕੇ ਦੱਸਿਆ ਕਿ ਇਸ ਸਮਾਗਮ ਦੀ ਸਫ਼ਲਤਾ ਲਈ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਰਬਾਰਾ ਸਿੰਘ, ਐਸ.ਡੀ.ਐਮ. ਪ੍ਰੀਤਇੰਦਰ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਵਿਓਮ ਭਾਰਦਵਾਜ, ਐਸ.ਪੀ. ਸ਼੍ਰੀਮਤੀ ਮਨਜੀਤ ਕੌਰ, ਸੁਪਰਡੈਂਟ ਇੰਜੀਨੀਅਰ ਰਾਜੇਸ਼ ਦੂਬੇ, ਕਾਰਜਕਾਰੀ ਇੰਜੀਨੀਅਰ ਸਿਮਰਨਜੀਤ ਸਿੰਘ ਤੇ ਗੁਰਪ੍ਰੀਤ ਸਿੰਘ, ਐਸ.ਡੀ.ਓ. ਨਵਨੀਤ ਕੁਮਾਰ ਜਿੰਦਲ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਹੋਰਨਾਂ ਜ਼ਿਲਿ੍ਹਆਂ ਤੋਂ ਆਏ ਅਧਿਕਾਰੀ ਹਾਜ਼ਰ ਸਨ।