- ਮੁਕੇਰੀਆਂ ਦੇ ਪਿੰਡ ਹਿਆਤਪੁਰ ਦੇ ਕਬੱਡੀ ਟੂਰਨਾਮੈਂਟ ’ਚ ਕੈਬਨਿਟ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਮੁਕੇਰੀਆਂ, 02 ਅਕਤੂਬਰ : ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਇਸ ਨੂੰ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਹੋਏ ‘ਖੇਡਾਂ ਵਤਨ ਪੰਜਾਬ ਦੀਆ’ ਦੇ ਸੀਜ਼ਨ-2 ਵਿਚ ਪਹਿਲੇ ਸਾਲ ਨਾਲੋਂ ਵੀ ਵੱਧ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਹ ਅੱਜ ਮੁਕੇਰੀਆਂ ਦੇ ਪਿੰਡ ਹਿਆਤਪੁਰ ਵਿਚ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿਚ ਪਿੰਡ ਵਾਸੀਆਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਪਿੰਡ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆ ਵੀ ਹਾਜ਼ਰ ਸਨ। ਵਿਧਾਇਕ ਮੁੰਡੀਆ ਨੇ ਇਸ ਦੌਰਾਨ ਟੂਰਨਾਮੈਂਟ ਕਮੇਟੀ ਨੂੰ ਇਕ ਲੱਖ ਰੁਪਏ ਨਕਦ ਭੇਟ ਕੀਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਖੇਡਾਂ ਦੇ ਮਾਮਲੇ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿਚ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ, ਇਸੇ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆ-2023’ ਵਿਚ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਐਕਸ਼ਨ ਮੋਡ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਿੰਡਾਂ ਵਿਚ ਸ਼ਾਨਦਾਰ ਖੇਡ ਪਾਰਕ ਬਣਾਏ ਜਾ ਰਹੇ ਹਨ, ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲ ਜਾਵੇਗੀ।