- ਕੈਬਨਿਟ ਮੰਤਰੀ ਨੇ ਜਗਤਪੁਰਾ ਮੁਹੱਲੇ ’ਚ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 27 ਸਤੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਸੁੰਦਰ ਬਣਾਉਣ ਅਤੇ ਇਥੋਂ ਵਸਨੀਕਾਂ ਨੂੰ ਹਰੇਕ ਤਰ੍ਹਾਂ ਦੀ ਬੁਨਿਆਦੀ ਸਹੂਲਤ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਖੂਬਸੁਰਤ ਬਣਾਉਣ ਦੇ ਨਾਲ-ਨਾਲ ਇਸ ਨੂੰ ਡੰਪ ਫਰੀ ਵੀ ਕੀਤਾ ਜਾਵੇਗਾ, ਜਿਸ ਤਹਿਤ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਵਾਰਡ ਨੰਬਰ 32 ਵਿਚ ਜਗਤਪੁਰਾ ਮੁਹੱਲੇ ਵਿਚ 12 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਇਥੇ 80ਵੇਂ ਦਹਾਕੇ ਦੀਆਂ ਛੋਟੀਆਂ ਪਾਈਪ ਲਾਈਨਾਂ ਕਾਰਨ ਇਲਾਕਾ ਵਾਸੀਆਂ ਨੂੰ ਲਗਾਤਾਰ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਹੁਣ ਇਥੇ 10 ਇੰਚ ਦੀ ਪਾਈਪ ਲਾਈਨ ਵਿਛਾਈ ਜਾ ਰਹੀ ਹੈ, ਜਿਸ ਨਾਲ ਸੀਵਰੇਜ ਠੀਕ ਢੰਗ ਨਾਲ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਥੇ ਹੋਦੀਆਂ ਵੀ ਬਣਾਈਆਂ ਜਾਣਗੀਆਂ ਅਤੇ ਟਾਈਲਾਂ ਦਾ ਕੰਮ ਵੀ ਨਾਲੋ-ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੰਮ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਇਸ ਦੌਰਾਨ ਅਧਿਕਾਰੀਆਂ ਨੂੰ ਇਸ ਕਾਰਜ ਨੂੰ ਨਿਰਧਾਰਤ ਸਮੇਂ ਵਿਚ ਪੂਰਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੰਮ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਾਰਡ ਦੇ ਕੌਂਸਲਰ ਮੋਹਿਤ ਸੈਣੀ ਨੇ ਇਲਾਕਾ ਨਿਵਾਸੀਆਂ ਦੀ ਇਸ ਵੱਡੀ ਸਮੱਸਿਆ ਦਾ ਹੱਲ ਕਰਨ ਲਈ ਕੈਬਨਿਟ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਹੁਸ਼ਿਆਰਪੁਰ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸੁਮੇਸ਼ ਸੈਣੀ, ਸਤਵੰਤ ਸਿੰਘ ਸਿਆਣ, ਐਸ.ਡੀ.ਓ ਸੁਸ਼ੀਲ ਬਾਂਸਲ ਅਤੇ ਕੌਂਸਲਰ ਸਾਹਿਬਾਨ ਤੋਂ ਇਲਾਵਾ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ।