ਕਾਠਮੰਡੂ, 7 ਜੁਲਾਈ 2024 : ਨੇਪਾਲ 'ਚ ਭਾਰੀ ਮੀਂਹ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਸਥਿਤੀ ਪੈਦਾ ਹੋ ਗਈ ਹੈ, ਜਿਸ ਕਾਰਨ ਦੇਸ਼ ਭਰ 'ਚ 14 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 9 ਲੋਕ ਲਾਪਤਾ ਹਨ, ਜਿਨ੍ਹਾਂ ਦੀ ਡਿਜ਼ਾਸਟਰ ਟੀਮਾਂ ਭਾਲ ਕਰ ਰਹੀਆਂ ਹਨ। ਨਿਊਜ਼ ਏਜੰਸੀ ਏਐਫਪੀ ਨੇ ਨੇਪਾਲੀ ਪੁਲਿਸ ਦੇ ਹਵਾਲੇ ਨਾਲ ਕਿਹਾ ਕਿ ਪੁਲਿਸ ਲਾਪਤਾ ਲੋਕਾਂ ਨੂੰ ਲੱਭਣ ਲਈ ਹੋਰ ਏਜੰਸੀਆਂ ਅਤੇ ਸਥਾਨਕ ਲੋਕਾਂ ਨਾਲ ਕੰਮ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਦੇ ਹੇਠਲੇ ਹਿੱਸਿਆਂ 'ਚ ਵੀ ਹੜ੍ਹ ਨੇ ਕਾਫੀ ਨੁਕਸਾਨ ਕੀਤਾ ਹੈ ਅਤੇ ਲੱਖਾਂ ਲੋਕ ਇਸ ਨਾਲ ਪ੍ਰਭਾਵਿਤ ਹੋਏ ਹਨ। ਹਾਲ ਹੀ ਦੇ ਸਾਲਾਂ ਵਿੱਚ ਪਹਾੜੀ ਖੇਤਰਾਂ ਵਿੱਚ ਮਾਰੂ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜਲਵਾਯੂ ਪਰਿਵਰਤਨ ਅਤੇ ਵਧਦੇ ਸੜਕਾਂ ਦੇ ਨਿਰਮਾਣ ਕਾਰਨ ਸਮੱਸਿਆ ਹੋਰ ਗੰਭੀਰ ਹੁੰਦੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਨੇਪਾਲ ਦੇ ਕੁਝ ਹਿੱਸਿਆਂ 'ਚ ਵੀਰਵਾਰ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਆਫ਼ਤ ਅਧਿਕਾਰੀਆਂ ਨੇ ਕਈ ਨਦੀਆਂ 'ਚ ਅਚਾਨਕ ਹੜ੍ਹ ਆਉਣ ਦੀ ਚਿਤਾਵਨੀ ਦਿੱਤੀ ਹੈ।