ਬੇਅਦਬੀ ਦੀਆਂ ਘਟਨਾਵਾਂ ਸਰਕਾਰਾਂ ਦੀ ਗੈਰ ਸੰਜੀਦਗੀ ਦਾ ਨਤੀਜਾ : ਸੰਤ ਖ਼ਾਲਸਾ

ਅਮਰੀਕਾ : ਅਮਰੀਕਾ ਵਿਖੇ ਦਮਦਮੀ ਟਕਸਾਲ ਦੇ ਬਰਾਂਚ ਗੁਰਦੁਆਰਾ ਗੁਰ ਨਾਨਕ ਪ੍ਰਕਾਸ਼ ਟਰੇਸੀ, ਕੈਲੇਫੋਰਨੀਆ ਵਿਖੇ ਗੁਰਮਤਿ ਪ੍ਰਚਾਰ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ’ਤੇ ਚਿੰਤਾ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਸੰਬੰਧਿਤ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਉਣ ’ਚ ਸਰਕਾਰਾਂ ਦੀ ਅਣਗਹਿਲੀ ਅਤੇ ਗੈਰ ਸੰਜੀਦਗੀ ਦਾ ਨਤੀਜਾ ਹੈ। ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬੀਤੇ ਦਿਨੀਂ ਕੱਥੂਨੰਗਲ ਵਿਖੇ ਇਕ ਔਰਤ ਵੱਲੋਂ ਪਾਵਨ ਸਰੂਪ ਦੀ ਬੇਅਦਬੀ ਕਰਨ ਦੀ ਕੀਤੀ ਗਈ ਕੋਸ਼ਿਸ਼ ਨੂੰ ਮੰਦਭਾਗਾ ਕਾਰ ਦਿੱਤਾ ਅਤੇ ਭਾਰੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਨਾ ਸ਼੍ਰੋਮਣੀ ਕਮੇਟੀ ਅਤੇ ਨਾ ਹੀ ਕੇਂਦਰ ਅਤੇ ਰਾਜ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਅਤੇ ਡੂੰਘੀਆਂ ਸਾਜ਼ਿਸ਼ਾਂ ਨੂੰ ਕਦੀ ਗੰਭੀਰਤਾ ਨਾਲ ਲਿਆ ਹੈ। ਜਿਸ ਕਾਰਨ ਸਮਾਜ ਵਿਰੋਧੀ ਅਤੇ ਫੁੱਟ ਪਾਊ ਅਨਸਰਾਂ ਵੱਲੋਂ ਪਾਵਨ ਸਰੂਪਾਂ ਦੀ ਲਗਾਤਾਰ ਬੇਅਦਬੀਆਂ ਕਰਦਿਆਂ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਦੋਸ਼ੀਆਂ ਪ੍ਰਤੀ ਸਰਕਾਰ ਦੀ ਢਿੱਲਮੱਠ ਵਾਲੀ ਨੀਤੀ ਕਾਰਨ ਦੋਸ਼ੀ ਅਤੇ ਸ਼ਰਾਰਤੀ ਅਨਸਰ ਸ਼ਰੇਆਮ ਬੇਖ਼ੌਫ ਹੋ ਕੇ ਬੇਅਦਬੀ ਵਰਗੇ ਕਾਰਿਆਂ ਨੂੰ ਅੰਜਾਮ ਦੇ ਰਹੇ ਹਨ ਜਿਸ ਨਾਲ ਸਿੱਖ ਹਿਰਦੇ ਵਾਰ ਵਾਰ ਵਲੂੰਧਰੇ ਜਾ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬੇਅਦਬੀਆਂ ਨੂੰ ਨਾ ਰੋਕਿਆ ਗਿਆ ਤਾਂ ਪੰਜਾਬ ਦਾ ਮਾਹੌਲ ਵਿਗੜੇਗਾ ਜਿਸ ਲਈ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਸਰਕਾਰਾਂ ਨੂੰ ਬੇਅਦਬੀ ਦੇ ਪਿੱਛੇ ਕਾਰਜਸ਼ੀਲ ਸ਼ਕਤੀਆਂ ਨੂੰ ਬੇਨਕਾਬ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜਾਵਾਂ ਦੇ ਕੇ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੋਈ ਵੀ ਗੁਰੂ ਦੋਖੀ ਬੇਅਦਬੀ ਕਰਨ ਬਾਰੇ ਸੋਚ ਵੀ ਨਾ ਸਕੇ। ਉਨ੍ਹਾਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾਵਾਂ ਦੇਣ ਨੂੰ ਯਕੀਨੀ ਬਣਾਉਣ ਅਤੇ ਲੋੜ ਪੈਣ ਉੱਤੇ ਸਖ਼ਤ ਕਾਨੂੰਨ ਲਿਆਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਵੀਹਵੀਂ ਸਦੀ ਦੇ ਸੱਤਰਵੇਂ ਦਹਾਕੇ ਦੌਰਾਨ ਹੋਈਆਂ ਬੇਅਦਬੀਆਂ ਕਾਰਨ ਸਿੱਖ ਸੰਘਰਸ਼ ਚੱਲਿਆ ਜਿਸ ਦੌਰਾਨ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਕੁਰਬਾਨੀਆਂ ਦੇਣੀਆਂ ਪਈਆਂ। ਸੈਂਕੜੇ ਜੇਲ੍ਹ ਦੀਆਂ ਕਾਲ ਕੋਠੜੀਆਂ ’ਚ ਬੰਦ ਰਹੇ। ਉਨ੍ਹਾਂ ਕਿਹਾ ਕਿ ਬੇਅਦਬੀਆਂ ਦੀਆਂ ਅੱਜ ਤਕ ਚੱਲ ਰਹੀਆਂ ਸਾਜ਼ਿਸ਼ਾਂ ਨੂੰ ਠਲ ਪਾਉਣ ਲਈ ਸਮੂਹ ਸੰਗਤਾਂ ਸਿੱਖ ਜਥੇਬੰਦੀਆਂ ਨੂੰ ਇਕ ਝੰਡੇ ਹੇਠ ਇਕੱਤਰ ਹੋਣ ਅਤੇ ਗੰਭੀਰ ਵਿਚਾਰਾਂ ਉਪਰੰਤ ਸਖ਼ਤ ਕਦਮ ਚੁੱਕੇ ਜਾਣ ਦੀ ਅਪੀਲ ਕੀਤੀ। ਉਨ੍ਹਾਂ ਭਵਿੱਖ ’ਚ ਪੰਥ ਦੋਖੀਆਂ ਵੱਲੋਂ ਅਜਿਹੀਆਂ ਬੇਅਦਬੀਆਂ ਕਰਨ ਕਰਾਉਣ ਦੀਆਂ ਸਾਜ਼ਿਸ਼ਾਂ ਪ੍ਰਤੀ ਸੁਚੇਤ ਰਹਿਣ ਲਈ ਵੀ ਕਿਹਾ। ਉਨ੍ਹਾਂ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ, ਪਾਵਨ ਗੁਰਬਾਣੀ ਪੋਥੀਆਂ ਦੀ ਸੇਵਾ ਸੰਭਾਲ ਵੱਲ ਵਿਸ਼ੇਸ਼ ਤਵੱਜੋ ਦੇਣ, ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਤੋਂ ਇਲਾਵਾ ਸੂਬੇ 'ਚ ਅਮਨ ਸ਼ਾਂਤੀ ਅਤੇ ਫ਼ਿਰਕੂ ਸਦਭਾਵਨਾ ਬਣਾਈ ਰੱਖਣ ਦੀ ਵੀ ਅਪੀਲ ਕੀਤੀ । ਇਸ ਮੌਕੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਸੂਤਰਾਂ ਅਨੁਸਾਰ ਦਮਦਮੀ ਟਕਸਾਲ ਦੇ ਮੁਖੀ ਦਾ ਅਮਰੀਕਾ ਦੀ ਧਰਤੀ ’ਤੇ ਸੰਗਤ ਵਲੋਂ ਭਾਰੀ ਉਤਸ਼ਾਹ ਨਾਲ ਸਵਾਗਤ ਕੀਤਾ ਜਾ ਰਿਹਾ ਹੈ।