ਆਕਲੈਂਡ, 28 ਜਨਵਰੀ : ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਨਤੀਜੇ ਵਜੋਂ ਹੜ੍ਹ ਵਰਗੀ ਸਥਿਤੀ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋ ਹੋਰ ਲਾਪਤਾ ਹਨ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਅਧਿਕਾਰੀਆਂ ਨੇ ਆਕਲੈਂਡ ਵਿੱਚ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ। ਇਸ ਦੇ ਨਾਲ ਹੀ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਬਾਰਿਸ਼ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਫੌਜੀ ਜਹਾਜ਼ ਤੋਂ ਸ਼ਹਿਰ ਦਾ ਮੁਆਇਨਾ ਕੀਤਾ। ਜੈਸਿੰਡਾ ਆਰਡਰਨ ਦੇ ਅਸਤੀਫੇ ਤੋਂ ਬਾਅਦ ਬੁੱਧਵਾਰ ਨੂੰ ਹਿਪਕਿਨਜ਼ ਨੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਹਿਪਕਿਨਜ਼ ਨੇ ਕਿਹਾ ਕਿ ਮੀਂਹ ਨੇ ਆਕਲੈਂਡ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਸ਼ਹਿਰ ਦੇ ਲੋਕਾਂ ਨੂੰ ਇਸ ਗੱਲ ਲਈ ਤਿਆਰ ਰਹਿਣ ਦੀ ਲੋੜ ਹੈ ਕਿ ਹੋਰ ਮੀਂਹ ਪੈ ਸਕਦਾ ਹੈ। ਇਸ ਤੋਂ ਪਹਿਲਾਂ, ਆਕਲੈਂਡ ਹਵਾਈ ਅੱਡੇ ਦੇ ਟਰਮੀਨਲ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਆਉਣ ਅਤੇ ਸਾਰੀਆਂ ਉਡਾਣਾਂ ਰੱਦ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਸੈਂਕੜੇ ਯਾਤਰੀ ਆਕਲੈਂਡ ਹਵਾਈ ਅੱਡੇ 'ਤੇ ਰਾਤ ਭਰ ਫਸੇ ਹੋਏ ਸਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਪੁਲੀ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲੀ, ਜਦਕਿ ਸ਼ਨੀਵਾਰ ਤੜਕੇ ਇਕ ਹੋਰ ਵਿਅਕਤੀ ਦੀ ਲਾਸ਼ ਡੁੱਬੀ ਪਾਰਕ 'ਚੋਂ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੋ ਹੋਰ ਲੋਕ ਲਾਪਤਾ ਹਨ ਅਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਆਕਲੈਂਡ ਵਿੱਚ ਹੜ੍ਹ ਦੇ ਪਾਣੀ ਵਿੱਚ ਵਹਿ ਜਾਣ ਤੋਂ ਬਾਅਦ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ, ਜਦੋਂ ਕਿ ਰੇਮੁਏਰਾ ਦੇ ਉਪਨਗਰ ਵਿੱਚ ਜ਼ਮੀਨ ਖਿਸਕਣ ਕਾਰਨ ਇੱਕ ਘਰ ਦੇ ਵਹਿ ਜਾਣ ਤੋਂ ਬਾਅਦ ਇੱਕ ਵਿਅਕਤੀ ਲਾਪਤਾ ਹੈ।