ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੌਰਾਨ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ ਮੌਕੇ `ਤੇ ਮੁਹੱਈਆ ਕਰਵਾਈਆਂ ਗਈਆਂ 1475 ਸੇਵਾਵਾਂ-ਡਿਪਟੀ ਕਮਿਸ਼ਨਰ

  • ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਵੀ ਬਣਾਇਆ ਜਾ ਰਿਹਾ ਹੈ ਯਕੀਨੀ

ਤਰਨ ਤਾਰਨ, 14 ਫਰਵਰੀ : ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਵੱਡਾ ਲਾਭ ਮਿਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਹੁਣ ਤੱਕ 2460 ਲਾਭਪਾਤਰੀਆਂ ਵੱਲੋਂ ਸੇਵਾਵਾਂ ਹਾਸਿਲ ਕਰਨ ਲਈ ਅਰਜ਼ੀਆਂ ਦਿੱਤੀਆਂ ਗਈਆਂ ਹਨ ਅਤੇ ਅੱਜ ਤੱਕ 1475 ਤੋਂ ਵਧੇਰੇ ਨਾਗਰਿਕਾਂ ਨੂੰ ਵੱਖ-ਵੱਖ ਸੇਵਾਵਾਂ ਦਾ ਮੌਕੇ ‘ਤੇ ਲਾਭ ਮਿਲ ਚੁੱਕਾ ਹੈ। ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਲੋੜੀਂਦੀਆਂ ਸੇਵਾਵਾਂ ਜਲਦੀ ਮੁਹੱਈਆ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਤਿਆਰ ਕਰਵਾਈਆਂ ਗਈਆਂ ਪ੍ਰਚਾਰ ਵੈਨਾਂ ਦਾ ਵੀ ਲੋਕਾਂ ਨੂੰ ਕਾਫ਼ੀ ਲਾਭ ਮਿਲ ਰਿਹਾ ਹੈ, ਕਿਉਂਕਿ ਇੰਨ੍ਹਾਂ ਵੈਨਾਂ ਰਾਹੀਂ ਜਿੱਥੇ ਲੋਕਾਂ ਨੂੰ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ ਉਥੇ ਹੀ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਜਾਂਦਾ ਹੈ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕ ਛੱਤ ਹੇਠਾਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ, ਲੋਕਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਨਾ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਨ੍ਹਾਂ ਵਿਸ਼ੇਸ ਕੈਂਪਾਂ ਦੌਰਾਨ ਪ੍ਰਾਪਤ ਯੋਗ ਬਿਨੈ-ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਫਰਵਰੀ ਨੂੰ ਵੀ ਜ਼ਿਲ੍ਹਾ ਤਰਨ ਤਾਰਨ ਦੀਆਂ ਸਮੂਹ ਸਬ-ਡਵੀਜ਼ਨਾਂ ਦੇ 18 ਵੱਖ-ਵੱਖ ਪਿੰਡਾਂ ਵਿੱਚ ਸਵੇਰੇ 10 ਵਜੇ ਤੋਂ 01 ਵਜੇ ਤੱਕ ਪਿੰਡ ਝੁੱਗੀਆਂ ਕਾਲੂ, ਜੋਧ ਸਿੰਘ ਵਾਲਾ, ਵਿਰਾਮ, ਪਹੁੰਵਿੰਡ, ਮੁਗਲਾਨੀ, ਜਗਤਪੁਰ, ਚੰਬਾ ਕਲਾਂ, ਨੱਥੂਕੇ, ਬਾਕੀਪੁਰ ਅਤੇ ਸ਼ੇਰੋਂ ਵਿਖੇ ਅਤੇ ਬਾਅਦ ਦੁਪਹਿਰ 02 ਵਜੇ ਤੋਂ 05 ਵਜੇ ਤੱਕ ਪਿੰਡ ਗੂਹਲੇਵਾਲ, ਸਭਰਾਂ, ਪਹਿਲਵਾਨਕੇ, ਆਲੀਆ, ਠੱਠਾ, ਝਡੇਰ ਮਹਾਂਪੁਰਖਾ ਅਤੇ ਗਿੱਲ ਵੜੈਚ ਤੇ ਐਮਾ ਮੱਲੀਆਂ ਵਿਖੇ ਵਿਸ਼ੇਸ ਕੈਂਪ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।